ਪੰਜਾਬ 'ਚ ਅਨਾਜ ਦੀ ਲਿਫਟਿੰਗ 'ਤੇ ਸੰਕਟ : ਕੇਂਦਰੀ ਮੰਤਰੀ ਬਿੱਟੂ ਨੇ ਸੂਬਾ ਸਰਕਾਰ ਦੀ ਨਾਕਾਮੀ 'ਤੇ ਚੁੱਕੇ ਸਵਾਲ

ਚੰਡੀਗੜ੍ਹ, 27 ਅਕਤੂਬਰ 2024 : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਭਾਰਤੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੇ ਪੰਜਾਬ ਖੇਤਰ ਦੇ ਜਨਰਲ ਮੈਨੇਜਰ ਆਈਏਐਸ ਸ੍ਰੀਨਿਵਾਸਨ ਨਾਲ ਪੰਜਾਬ ਵਿੱਚ ਅਨਾਜ ਦੀ ਖਰੀਦ ਅਤੇ ਭੰਡਾਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਵਿੱਚ ਅਨਾਜ ਦੀ ਲਿਫਟਿੰਗ ਅਤੇ ਸਟੋਰੇਜ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੰਤਰੀ ਬਿੱਟੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ 44,000 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ ਅਤੇ ਸਾਰੇ ਲੋੜੀਂਦੇ ਫੰਡ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਬਾਵਜੂਦ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਰੇਲਵੇ ਦੀ ਮਦਦ ਨਾਲ ਪੰਜਾਬ ਤੋਂ ਚੌਲਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵੱਡੇ ਪੱਧਰ 'ਤੇ ਪਹੁੰਚਾਇਆ ਜਾ ਰਿਹਾ ਹੈ। ਹਾਲਾਂਕਿ ਇਸ ਤੋਂ ਬਾਅਦ ਵੀ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸਟੋਰੇਜ ਲਈ ਜਗ੍ਹਾ ਦੀ ਘਾਟ ਹੈ। ਬਿੱਟੂ ਨੇ ਇਹ ਵੀ ਦੱਸਿਆ ਕਿ ਐਫ.ਸੀ.ਆਈ ਵੱਲੋਂ 31 ਲੱਖ ਮੀਟ੍ਰਿਕ ਟਨ ਫਸਲ ਦੇ ਸਟੋਰੇਜ ਲਈ ਫੰਡ ਦਿੱਤੇ ਗਏ ਸਨ ਪਰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਕੋਈ ਠੇਕਾ ਜਾਰੀ ਨਹੀਂ ਕੀਤਾ ਗਿਆ। ਨਾਲ ਹੀ ਪੰਜਾਬ ਸਰਕਾਰ ਕੋਲ ਅਜੇ ਵੀ 15 ਲੱਖ ਮੀਟ੍ਰਿਕ ਟਨ ਅਨਾਜ ਭੰਡਾਰਨ ਦੀ ਥਾਂ ਖਾਲੀ ਪਈ ਹੈ ਪਰ ਲਿਫਟਿੰਗ ਦਾ ਕੰਮ ਠੱਪ ਪਿਆ ਹੈ।