ਡੀ ਸੀ, ਕਮਿਸ਼ਨਰ ਤੇ ਸੀਨੀਅਰ ਪੁਲਿਸ ਅਫਸਰਾਂ ਨੂੰ ਮੁਅੱਤਲ ਕੀਤਾ ਜਾਵੇ ਜਿਹਨਾਂ ਨੇ ਵੋਟਾਂ ਵਾਲੇ ਦਿਨ ਆਮ ਆਦਮੀ ਪਾਰਟੀ ਨਾਲ ਗੰਢਤੁੱਪ ਕੀਤੀ : ਡਾ. ਸੁੱਖੀ 

ਚੰਡੀਗੜ੍ਹ, 10 ਮਈ :  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਕਰ ਕੇ ਆਮ ਆਦਮੀ ਪਾਰਟੀ ਸਰਕਾਰ ਦੇ ਉਮੀਦਵਾਰ ਨੂੰ ਗੈਰ ਕਾਨੂੰਨੀ ਤੌਰ ’ਤੇ ਲਾਭ  ਪਹੁੰਚਾਉਣ ਦੇ ਦੋਸ਼ੀ ਡਿਪਟੀ ਕਮਿਸ਼ਨਰ, ਕਮਿਸ਼ਨਰ ਆਫ ਪੁਲਿਸ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਭਾਰਤ ਦੇ ਚੋਣ ਕਮਿਸ਼ਨ ਨੂੰ ਕੀਤੀ ਅਪੀਲ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਇਹ ਅਫਸਰ ਚੋਣ ਕਮਿਸ਼ਨ ਨੂੰ ਗੁੰਮਰਾਹ ਕਰਨ ਦੇ ਵੀ ਦੋਸ਼ੀ ਹਨ ਤੇ ਇਹਨਾਂ ਨੇ ਆਪ ਦੇ ਆਗੂਆਂ ਤੇ ਵਰਕਰਾਂ ਵੱਲੋਂ ਕੀਤੀ ਗੁੰਡਾਗਰਦੀ ਦੀ ਜਾਣਕਾਰੀ ਵੀ ਕਮਿਸ਼ਨ ਨੂੰ ਨਹੀਂ ਦਿੱਤੀ। ਉਹਨਾਂ ਕਿਹਾ ਕਿ ਇਹਨਾਂ ਅਫਸਰਾਂ ਨੇ ਵਿਰੋਧੀ ਪਾਰਟੀਆਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਵੀ ਚੋਣ ਕਮਿਸ਼ਨ ਨੂੰ ਭੇਜਣ ਲਈ ਯੋਗ ਨਹੀਂ ਸਮਝੀਆਂ ਤੇ ਇਹਨਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਖਿਲਾਫ ਮਿਲੀਆਂ ਸ਼ਿਕਾਇਤਾਂ ਵੀ ਚੋਣ ਕਮਿਸ਼ਨ ਨੂੰ ਨਹੀਂ ਭੇਜੀਆਂ। ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਕਰਤਾਰਪੁਰ ਵਿਧਾਨ ਸਭਾ ਹਲਕੇ ਸਮੇਤ ਹੋਰ ਅਨੇਕਾਂ ਵਿਧਾਨ ਸਭਾ ਹਲਕਿਆਂ ਵਿਚ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਭੰਗ ਹੋ ਗਈ ਸੀ।ਉਹਨਾਂ ਨੇ ਉਦਾਹਰਣਾਂ ਦੱਸੀਆਂ ਕਿ ਕਿਵੇਂ ਅੰਮ੍ਰਿਤਸਰ ਦੱਖਣੀ ਦੇ ਮੋਂਟੂ ਤੇ ਫਰੀਦਕੋਟ ਦੇ ਮਨਜਿੰਦਰ ਸਿੰਘ ਤੇ ਹੋਰਨਾਂ ਨੂੰ ਕਰਤਾਰਪੁਰ ਸਾਹਿਬ ਦੇ ਪੋਲਿੰਗ ਬੂਥਾਂ ’ਤੇ ਫੜਿਆ ਗਿਆ। ਉਹਨਾਂ ਕਿਹਾ ਕਿ ਇਹ ਸਾਰੇ ਬਾਹਰਲੇ ਵਿਅਕਤੀ ਆਪ ਸਰਕਾਰ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਤਾਇਨਾਤ ਕੀਤੇ ਗਏ ਸਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਨਾ ਤਾਂ ਕੋਈ ਠੋਸ ਕਾਰਵਾਈ ਕੀਤੀ ਗਈ ਹੈ ਤੇ ਨਾ ਹੀ ਮੁੜ ਪੋਲਿੰਗ ਦੇ ਹੁਕਮ ਜਾਰੀ ਕੀਤੇ ਗਏ ਹਨ। ਡਾ. ਸੁੱਖੀ ਨੇ ਮੰਗ ਕੀਤੀ ਕਿ ਹਲਕੇ ਵਿਚ ਪਿਛਲੇ ਪੰਦਰਾਂ ਤੋਂ ਚੋਣ ਜ਼ਾਬਤੇ ਦੀ ਉਲੰਘਣਾ ਦੇ ਹੋ ਰਹੇ ਸਾਰੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਕਿਹਾ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੋਂ ਲੈ ਕੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਸਮੇਤ ਸਭ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।