ਕਿਸਾਨਾਂ ਦਾ ‘ਰੇਲ ਰੋਕੋ ਅੰਦੋਲਨ’ ਅੱਜ ਦੂਜੇ ਦਿਨ ਵੀ ਜਾਰੀ- 90 ਟਰੇਨਾਂ ਪ੍ਰਭਾਵਿਤ 

  • ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ- ਸੜਕਾਂ ਤੇ ਵੀ ਬੈਠੇ ਕਿਸਾਨ

ਚੰਡੀਗੜ੍ਹ,29 ਸਤੰਬਰ : ਮੁਆਵਜ਼ੇ, ਐਮਐਸਪੀ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਸੂਬੇ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਦੇ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਇਸ ਨਾਲ 90 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਦੱਸ ਦਈਏ ਕਿ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ 20 ਥਾਵਾਂ ‘ਤੇ ਰੇਲਵੇ ਟਰੈਕ ਜਾਮ ਕਰ ਦਿੱਤੇ ਹਨ। ਇਸ ਵਿੱਚ ਮੋਗਾ ਰੇਲਵੇ ਸਟੇਸ਼ਨ, ਅਜੀਤਵਾਲ ਅਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ, ਜਲੰਧਰ ਛਾਉਣੀ, ਤਰਨਤਾਰਨ, ਸੰਗਰੂਰ ਦੇ ਸੁਨਾਮ, ਪਟਿਆਲਾ ਦੇ ਨਾਭਾ, ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂਵਾਲੀ ਅਤੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ ਫੂਲ, ਦੇਵੀਦਾਸਪੁਰਾ ਅਤੇ ਮਜੀਠਾ, ਅੰਮ੍ਰਿਤਸਰ,ਫਾਜ਼ਿਲਕਾ ਦੇ ਰੇਲਵੇ ਸਟੇਸ਼ਨ ਸ਼ਾਮਲ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਮੁਹਾਲੀ ਦੇ ਲਾਲੜੂ ਵਿੱਚ ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੇ ਹਾਈਵੇਅ ’ਤੇ ਕਿਸਾਨਾਂ ਨੇ ਧਰਨਾ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ।