ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ : ਮੰਤਰੀ ਬਲਕਾਰ ਸਿੰਘ 

  • ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
  • ਰੀਵੀਊ ਮੀਟਿੰਗ ਵਿੱਚ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ
  • ਕਿਹਾ, ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇੰਤ ਨੂੰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਹੈਡ ਕੁਆਰਟਰ ਨੂੰ ਭੇਜੇ

ਚੰਡੀਗੜ੍ਹ, 29 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਨਗਰ ਨਿਗਮ ਕਮਿਸ਼ਨਰ, ਪਟਿਆਲਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਪਟਿਆਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ ਨਾਭਾ, ਰਾਜਪੁਰਾ, ਸਮਾਣਾਂ, ਪਾਤੜਾਂ, ਸਨੌਰ, ਭਾਦਸੋ, ਘੱਗਾ, ਘਨੌਰ, ਦੇਵੀਗੜ੍ਹ, ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਨਾਲ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਰੀਵੀਓ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੋਂ ਇਲਾਵਾ 24x7 ਨਹਿਰੀ ਜਲ ਸਪਲਾਈ ਪ੍ਰਾਜੈਕਟ ਅਤੇ ਪਟਿਆਲਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਨੂੰ ਪੁਨਰ ਸੁਰਜੀਤ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ ਗਿਆ ਹੈ। ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਮੰਤਰੀ ਨੇ ਅੱਗੇ ਕਿਹਾ ਕਿ ਸੀਵੇਰਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁੱਕਵੀ ਜਗ੍ਹਾਂ ਦੀ ਭਾਲ ਕਰਨ ਅਤੇ ਹੋਰ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ 'ਤੇ ਕੋਈ ਮੁਸ਼ਿਕਲ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਇਸ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ, ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਕਾਇਆ ਫੰਡਾਂ ਨੂੰ ਭਲਾਈ ਕਾਰਜਾਂ ਵਿੱਚ ਜਲਦ ਤੋਂ ਜਲਦ ਖਰਚਿਆਂ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਲੀਕੇ ਜਾਣ ਵਾਲੇ ਕੰਮਾਂ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਕਰਕੇ ਜਲਦੀ ਕੰਮ ਸ਼ੁਰੂ ਕੀਤੇ ਜਾਣ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਕੋਈ ਵੀ ਵਿਅੱਕਤੀ ਭ੍ਰਿਸਟਾਚਾਰ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਇਸ ਮੌਕੇ ਵਿਧਾਇਕਾਂ ਵਿੱਚ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਨਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਸਿੰਘ ਘਨੌਰ ਅਤੇ ਡਾ. ਮੁਹੰਮਦ ਜਾਮਿਲ- ਉਰ - ਰਹਿਮਾਨ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ/ਨਗਰ ਪੰਚਾਇਤ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।