ਸਰਕਾਰ ਵੱਲੋ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਦੀ ਰਾਸ਼ੀ ਰਲੀਜ਼  : ਡਾ.ਬਲਜੀਤ ਕੌਰ

ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਸਾਲ 2023-24 ਲਈ 15.17 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਸਾਲ ਮਾਰਚ 2023 ਤੱਕ ਦੇ 2975 ਲਾਭਪਾਤਰੀਆਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000/-ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਡਾ ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।