ਰਾਜਪਾਲ ਨੇ NHAI ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕੇਂਦਰੀ ਪ੍ਰੋਜੈਕਟਸ ਦਾ ਲਿਆ ਜਾਇਜ਼ਾ, ਕੰਮ ਜਲਦੀ ਪੂਰਾ ਕਰਨ ਦੇ ਆਦੇਸ਼

ਚੰਡੀਗੜ੍ਹ, 13 ਅਗਸਤ 2024 : ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਮੀਨ ਗ੍ਰਹਿਣ ਵਿੱਚ ਦੇਰੀ ਕਾਰਨ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਕੇਂਦਰ ਦੀ ਧਮਕੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾ ਰੇਲਵੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ। ਰਾਜਪਾਲ ਵੱਲੋਂ ਅਚਾਨਕ ਸੱਦੀ ਗਈ ਮੀਟਿੰਗ ਵਿੱਚ ਰਾਜਪਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਵਿੱਚ ਦੇਰੀ ਦੀ ਛੇਤੀ ਤੋਂ ਛੇਤੀ ਭਰਪਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪ੍ਰੋਜੈਕਟ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਲਿਖਤੀ ਰੂਪ ਵਿੱਚ ਰਿਕਾਰਡ ‘ਤੇ ਲਿਆਂਦਾ ਜਾਵੇ, ਤਾਂ ਜੋ ਕੇਂਦਰ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਅਜਿਹੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਸਕੇ। ਰਾਜਪਾਲ ਕਟਾਰੀਆ ਨੇ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਸਟੇਟਸ ਰਿਪੋਰਟ ਪ੍ਰਾਪਤ ਕਰਨ ਲਈ ਹਰ 3 ਮਹੀਨਿਆਂ ਵਿੱਚ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਉਨ੍ਹਾਂ ਨੂੰ ਸਮੇਂ-ਸਮੇਂ ‘ਤੇ ਲਿਖਤੀ ਤੌਰ ‘ਤੇ ਜਾਣੂ ਕਰਵਾਇਆ ਜਾਵੇ। ਰਾਜਪਾਲ ਨੇ ਚੰਡੀਗੜ੍ਹ ਵਿੱਚ ਭਾਰੀ ਟ੍ਰੈਫਿਕ ਦੇ ਮੁੱਦੇ ਤੇ ਵੀ ਚਰਚਾ ਕੀਤੀ। ਇਸ ਮੁੱਦੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ NHAI ਅਧਿਕਾਰੀਆਂ ਨੇ ਕਿਹਾ ਕਿ ਪੰਚਕੂਲਾ ਤੋਂ ਸ਼ਿਮਲਾ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਨਾਲ ਸਮੱਸਿਆ ਕਾਫੀ ਹੱਦ ਤੱਕ ਘੱਟ ਜਾਵੇਗੀ। ਮੀਟਿੰਗ ਦੌਰਾਨ ਰਾਜਪਾਲ ਨੇ ਕਿਹਾ ਕਿ ਉਦੈਪੁਰ, ਚੰਡੀਗੜ੍ਹ ਅਤੇ ਜੰਮੂ ਸੈਰ ਸਪਾਟੇ ਦੇ ਨਜ਼ਰੀਏ ਤੋਂ ਮਹੱਤਵਪੂਰਨ ਹਨ। ਇਸ ਲਈ ਜੰਮੂ-ਤਵੀ ਟ੍ਰੇਨ ਨੂੰ ਰੋਜ਼ਾਨਾ ਆਧਾਰ ‘ਤੇ ਚਲਾਉਣ ਦਾ ਪ੍ਰਸਤਾਵ ਤਿਆਰ ਕੀਤਾ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਜੋੜਨ ਵਾਲੀ ਪ੍ਰਸਤਾਵਿਤ ਸੜਕ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਚੰਡੀਗੜ੍ਹ ਤੋਂ ਉਸ ਹਵਾਈ ਅੱਡੇ ਦੀ ਦੂਰੀ 10 ਕਿਲੋਮੀਟਰ ਘੱਟ ਜਾਵੇਗੀ। ਹਾਲਾਂਕਿ ਰਾਜਪਾਲ ਕਟਾਰੀਆ ਨੇ ਕੇਂਦਰੀ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਜਾਂ ਪੰਜਾਬ ਸਰਕਾਰ ਨਾਲ ਕੋਈ ਪੱਤਰ ਵਿਹਾਰ ਨਹੀਂ ਕੀਤਾ ਹੈ ਪਰ ਫਿਰ ਵੀ ਉਨ੍ਹਾਂ ਵੱਲੋਂ ਬੁਲਾਈ ਗਈ ਮੀਟਿੰਗ ਕਾਰਨ ਸਵਾਲ ਖੜ੍ਹੇ ਹੋ ਗਏ ਹਨ। ਸਾਬਕਾ ਰਾਜਪਾਲ ਨਾਲ ਸਬੰਧਾਂ ਵਿੱਚ ਆਈ ਖਟਾਸ ਤੋਂ ਬਾਅਦ ਨਵੇਂ ਰਾਜਪਾਲ ਕਟਾਰੀਆ ਦੇ ਰਵੱਈਏ ਨੇ ਰਾਜ ਸਰਕਾਰ ਅਤੇ ਅਧਿਕਾਰੀਆਂ ਵਿੱਚ ਹਲਚਲ ਮਚਾ ਦਿੱਤੀ ਹੈ।