ਹਾਈਕੋਰਟ ਨੇ ਪੰਜਾਬ ਦੇ ਡੀਜੀਪੀ, ਗ੍ਰਹਿ ਸਕੱਤਰ ਅਤੇ ਮੁਕਤਸਰ ਦੇ ਐਸਐਸਪੀ ਨੂੰ ਕੀਤਾ ਤਲਬ

ਚੰਡੀਗੜ੍ਹ, 12 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2020 ਡਰੱਗਜ਼ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਪੈਰਵੀ ਨਾ ਕੀਤੇ ਜਾਣ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ, ਗ੍ਰਹਿ ਸਕੱਤਰ ਅਤੇ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਅੱਜ 12 ਅਕਤੂਬਰ ਯਾਨੀ ਵੀਰਵਾਰ ਨੂੰ ਸਵੇਰੇ 10 ਵਜੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਪੁਲੀਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਸਾਲ 2020 ‘ਚ ਉਸ ਖਿਲਾਫ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮ ਨੇ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਮੁਲਜ਼ਮ ਨੇ ਅਦਾਲਤ ਨੂੰ ਦੱਸਿਆ ਕਿ ਉਸ ਖ਼ਿਲਾਫ਼ ਸਾਰੇ 20 ਗਵਾਹ ਪੁਲੀਸ ਮੁਲਾਜ਼ਮ ਹਨ। ਉਸ ਵਿਰੁੱਧ 2021 ਵਿਚ ਚਲਾਨ ਵੀ ਪੇਸ਼ ਕੀਤਾ ਗਿਆ ਸੀ ਪਰ ਅਦਾਲਤ ਵਿਚ ਸਿਰਫ਼ ਇਕ ਗਵਾਹ ਪੇਸ਼ ਹੋਇਆ ਸੀ। ਇਸ ਤੱਥ ਦੇ ਸਾਹਮਣੇ ਆਉਣ ਤੋਂ ਬਾਅਦ ਅਦਾਲਤ ਨੇ ਪੁਲਿਸ ਦੇ ਰਵੱਈਏ ‘ਤੇ ਇਤਰਾਜ਼ ਜਤਾਇਆ ਅਤੇ ਉਨ੍ਹਾਂ ਨੂੰ ਸਖ਼ਤ ਫਟਕਾਰ ਲਗਾਈ। ਹਾਈਕੋਰਟ ਨੇ ਕਿਹਾ- ਅਦਾਲਤ ‘ਚ ਪੁਲਿਸ ਮੁਲਾਜ਼ਮਾਂ ਦੀ ਗਵਾਹੀ ਲਗਾਤਾਰ ਦਿਖਾਈ ਗਈ ਪਰ ਇਕ ਮੁਲਾਜ਼ਮ ਤੋਂ ਇਲਾਵਾ ਕੋਈ ਵੀ ਗਵਾਹੀ ਲਈ ਪੇਸ਼ ਨਹੀਂ ਹੋਇਆ। ਇਸ ਪੂਰੇ ਮਾਮਲੇ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਗ੍ਰਹਿ ਸਕੱਤਰ ਅਤੇ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਅੱਜ ਸਵੇਰੇ 10 ਵਜੇ ਅਦਾਲਤ ਵਿੱਚ ਤਲਬ ਕੀਤਾ ਹੈ।