ਸੈਂਕੜੇ ਦੀ ਗਿਣਤੀ ਨੌਜਵਾਨ ਅਕਾਲੀ ਦਲ ’ਚ ਹੋਏ ਸ਼ਾਮਲ, ਯੂਥ ਪ੍ਰਧਾਨ ਝਿੰਜਰ ਨੇ ਕੀਤਾ ਸਵਾਗਤ

ਚੰਡੀਗੜ੍ਹ, 30 ਮਾਰਚ : ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਦੇ ਆਗੂ ਹਰਸਿਮਰਤ ਸਿੰਘ ਸਿੱਧੂ, ਬਸਪਾ ਦੇ ਆਗੂ ਆਕਾਸ਼ ਪੁਹਲ ਅਤੇ ਭਾਜਪਾ ਦੇ ਆਗੂ ਸ਼ਰਨਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ ਤੇ ਕ੍ਰਿਸ਼ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਪਾਰਟੀਆਂ ਤੋਂ ਆਗੂਆਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਤੇ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਤੇ ਕੌਂਸਲਰ ਸਰਦਾਰ ਹਰਦੀਪ ਸਿੰਘ ਬੁਟਰੇਲਾ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋਏ। ਇਹਨਾਂ ਆਗੂਆਂ ਦਾ ਸਵਾਗਤ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਅਤੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸਰਦਾਰ ਹਰਦੀਪ ਸਿੰਘ ਬੁਟੇਲਾ ਅਤੇ ਸਰਦਾਰ ਗੁਰਪ੍ਰੀਤ ਸਿੰਘ ਪ੍ਰਧਾਨ ਯੂਥ ਅਕਾਲੀ ਦਲ ਚੰਡੀਗੜ੍ਹ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਨੇ ਵੇਖ ਲਿਆ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਦੀ ਆਵਾਜ਼ ਜੇਕਰ ਕੋਈ ਸੁਣਦਾ ਹੈ ਤਾਂ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੈ ਤੇ ਇਸੇ ਲਈ ਉਹ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਪੰਜਾਬ ਦੇ ਮਸਲਿਆਂ ਦੀ ਗੱਲ ਕਰਦਿਆਂ ਕਿਹਾ ਕਿ ਦੋ ਸਾਲਾਂ ਵਿਚ ਨਾ ਯੂਥ ਨੂੰ ਕੋਈ ਰੋਜ਼ਗਾਰ ਮਿਲਿਆ ਬਲਕਿ ਜਿਹੜੀਆਂ ਥੋੜ੍ਹੀਆਂ ਬਹੁਤੀਆਂ ਨੌਕਰੀਆਂ ਦਿੱਤੀਆਂ ਗਈਆਂ, ਉਹ ਸੂਬੇ ਤੋਂ ਬਾਹਰਲੇ ਨੌਜਵਾਨਾਂ ਨੂੰ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਖੇਡਾਂ ਦੇ ਮਾਮਲੇ ਵਿਚ ਪਿੰਡਾਂ ਵਿਚ ਖੇਡ ਸਟੇਡੀਅਮਾਂ ਤੇ ਜਿੰਮਾਂ ਵਾਸਤੇ ਖੁਲ੍ਹੇ ਫੰਡ ਅਕਾਲੀ ਦਲ ਦੀ ਸਰਕਾਰ ਵੇਲੇ ਦਿੱਤੇ ਜਾਂਦੇ ਸਨ ਜੋ ਮੌਜੂਦਾ ਸਰਕਾਰ ਦੇ ਸਮੇਂ ਵਿਚ ਬੰਦ ਹਨ। ਉਹਨਾਂ ਕਿਹਾ ਕਿ ਤੀਜਾ ਸਭ ਤੋਂ ਵੱਡਾ ਮੁੱਦਾ ਨਸ਼ੇ ਦਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਆਪ ਦਾਅਵੇ ਕਰਦੇ ਸਨ ਕਿ ਚਿੱਟਾ ਆਪ ਨਹੀਂ ਵਿਕਦਾ ਸਰਕਾਰਾਂ ਵਿਕਾਉਂਦੀਆਂ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਵਿਚ ਥਾਂ-ਥਾਂ ਚਿੱਟਾ ਵਿਕ ਰਿਹਾ ਹੈ। ਪਿੰਡ-ਪਿੰਡ ਤੇ ਮੁਹੱਲਿਆਂ ਤੱਕ ਪੁੜੀਆਂ ਵਿਕ ਰਹੀਆਂ ਹਨ। ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ 10 ਗੁਣਾ ਵੱਧ ਗਈ ਹੈ। ਉਹਨਾਂ ਕਿਹਾ ਕਿ ਆਪ ਮੁਖੀ ਅਰਵਿੰਦ ਕੇਜਰੀਵਾਲ ਕਹਿੰਦੇ ਹੁੰਦੇ ਸਨ ਕਿ ਜੇਕਰ ਸਰਕਾਰਾਂ ਸੁਹਿਰਦ ਹੋਣ ਤਾਂ ਨਸ਼ਾ ਕੁਝ ਹੀ ਦਿਨਾਂ ਵਿਚ ਬੰਦ ਹੋ ਸਕਦਾ ਹੈ ਪਰ ਦੋ ਸਾਲਾਂ ਵਿਚ ਇਹ ਨਸ਼ਾ ਬੰਦ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦੇ ’ਤੇ ਇਕੱਲੇ ਚੋਣ ਲੜਨ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਨੂੰ ਪੰਜਾਬੀਆਂ ਵੱਲੋਂ ਲਾਮਿਸਾਲ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਚ ਬੀਬੀਆਂ, ਭੈਣਾਂ ਤੇ ਮਾਤਾਵਾਂ, ਕਿਸਾਨ, ਨੌਜਵਾਨ ਸਮੇਤ ਹਰ ਵਰਗ ਅਕਾਲੀ ਦਲ ਦੇ ਪ੍ਰਧਾਨ ਦਾ ਸਵਾਗਤ ਕਰ ਰਿਹਾ ਹੈ। ਉਹਨਾਂ ਕਿਹਾ ਕਿ ਜਿਹੜੀ ਠੱਗੀ 7 ਸਾਲਾਂ ਵਿਚ ਪੰਜਾਬੀਆਂ ਨਾਲ ਵੱਜੀ ਹੈ, ਉਸਦਾ ਬਦਲਾ ਲੈਣ ਲਈ ਪੰਜਾਬੀ ਅਕਾਲੀ ਦਲ ਨੂੰ ਜਿਤਾਉਣ ਲਈ ਪੱਬਾਂ ਭਾਰ ਹਨ। ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕਲੌਤੀ ਪਾਰਟੀ ਹੈ ਜੋ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਡੱਟਦੀ ਹੈ ਤੇ ਸੂਬੇ ਦੀ ਤਰੱਕੀ ਤੇ ਵਿਕਾਸ ਲਈ ਖੜ੍ਹੀ ਹੁੰਦੀ ਹੈ। ਇਸ ਮੌਕੇ ਸਰਦਾਰ ਹਰਦੀਪ ਸਿੰਘ ਬੁਟਰੇਲਾ ਨੇ ਕਿਹਾ ਕਿ ਚੰਡੀਗੜ੍ਹ ਵਿਚ ਪਹਿਲੀ ਵਾਰ ਅਕਾਲੀ ਦਲ ਵੱਖਰੇ ਤੌਰ ’ਤੇ ਚੋਣ ਲੜੇਗਾ। ਉਹਨਾਂ ਕਿਹਾ ਕਿ ਇਸ ਚੋਣ ਵਿਚ ਅਸੀਂ ਇਥੋਂ ਦੇ ਲੋਕਲ ਮੁੱਦਿਆਂ ਦੀ ਅਸੀਂ ਗੱਲ ਕਰਾਂਗੇ। ਉਹਨਾਂ ਕਿਹਾ ਕਿ ਉਹਨਾਂ ਨੂੰ ਚੰਡੀਗੜ੍ਹ ਦੀ ਸੰਗਤ ਨੇ ਵਾਰ-ਵਾਰ ਵੋਟਾਂ ਪਾ ਕੇ ਜਿਤਾਇਆ ਹੈ ਤੇ ਉਹ ਆਸ ਕਰਦੇ ਹਨ ਕਿ ਲੋਕ ਸਭਾ ਚੋਣਾਂ ਵਿਚ ਸੰਗਤ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇਵੇਗੀ।