ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

  • ਅਧਿਕਾਰੀਆਂ ਨੂੰ 19 ਜੁਲਾਈ ਦੀ ਮੀਟਿੰਗ ਦੌਰਾਨ ਰਿਪੋਰਟ ਦੇਣ ਦੇ ਨਿਰਦੇਸ਼
  • ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਗਠਤ ਕਮੇਟੀ ਦੀ ਹੋਈ ਪਹਿਲੀ ਮੀਟਿੰਗ
  • ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ

ਚੰਡੀਗੜ੍ਹ, 12 ਜੁਲਾਈ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗਠਤ ਕੀਤੀ ਗਈ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 19 ਜੁਲਾਈ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਹੋਵੇਗੀ ਅਤੇ ਉਦੋਂ ਤੱਕ ਅਧਿਕਾਰੀ ਸਾਰੀਆਂ ਮੰਗਾਂ ਦੇ ਹੱਲ ਲਈ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਮੇਟੀ ਦੇ ਬਾਕੀ ਮੈਂਬਰਾਂ ਅਤੇ ਯੂਨੀਅਨ ਦੇ ਦੋ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਮੰਗਾਂ ਸਬੰਧੀ ਤੇਜ਼ੀ ਨਾਲ ਵਿਚਾਰ ਕਰਕੇ ਢੁਕਵਾਂ ਹੱਲ ਕੱਢਣ ਲਈ ਕਿਹਾ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਐਮ.ਡੀ ਪਨਬੱਸ ਸ. ਗੁਰਪ੍ਰੀਤ ਸਿੰਘ ਖਹਿਰਾ, ਐਮ. ਡੀ ਪੀ.ਆਰ.ਟੀ.ਸੀ. ਸ. ਰਵਿੰਦਰ ਸਿੰਘ ਅਤੇ ਟਰਾਂਸਪੋਰਟ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ, ਏ.ਡੀ.ਓ ਪਨਬੱਸ ਸ੍ਰੀ ਰਾਜੀਵ ਦੱਤਾ, ਜੀ.ਐਮ. ਪੀ.ਆਰ.ਟੀ.ਸੀ. ਸ. ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।