ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ : ਡਾ.ਬਲਜੀਤ ਕੌਰ

  • ਬਾਲ ਵਿਕਾਸ ਮੰਤਰੀ ਨੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਕਾਰਵਾਈ ਕਰਨ ਦੀ ਹਦਾਇਤ 

ਚੰਡੀਗੜ੍ਹ, 1 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।