ਲੋਕ ਸਭਾ ਚੋਣਾਂ 2024 , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ, 08 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ 2024 ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੂਜੀ ਸੂਚੀ ਜਾਰੀ ਕਰਦਿਆਂ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਸੂਚੀ ਵਿੱਚ ਅੰਮ੍ਰਿਤਸਰ, ਖਡੂਰ ਸਾਹਿਬ ਅਤੇ ਫ਼ਿਰੋਜ਼ਪੁਰ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਅੰਮ੍ਰਿਤਸਰ ਸੀਟ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਸੀਟ ਤੋਂ ਭੁਪਿੰਦਰ ਸਿੰਘ ਭੁੱਲਰ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਤੋਂ 5 ਅਤੇ ਹਰਿਆਣਾ ਤੋਂ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ।