ਐਨ.ਡੀ.ਏ. ਦੀ ਮੀਟਿੰਗ `ਚ ਸਿੱਖ ਪੰਥ ਤੇ ਪੰਜਾਬ ਦੇ ਲਟਕ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ : ਢੀਂਡਸਾ

  • ਕੇਂਦਰ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਪਹਿਲ ਦੇ ਅਧਾਰ `ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ : ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ, 19 ਜੁਲਾਈ : ਦਿੱਲੀ ਵਿਚ ਐਨ.ਡੀ.ਏ.ਦੀ ਬੀਤੇ ਦਿਨ ਹੋਈ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਸਿੱਖ ਪੰਥ ਅਤੇ ਪੰਜਾਬ ਦੇ ਹੱਕੀ ਮਸਲਿਆਂ ਦੇ ਹੱਲ ਲਈ ਪੁਰਜ਼ੋਰ ਢੰਗ ਨਾਲ ਆਵਾਜ਼ ਉਠਾਈ। ਜਿਸ ਵਿਚ ਸਜ਼ਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ, ਪੰਜਾਬ ਵਿਚ ਆਏ ਹੜ੍ਹ ਕਾਰਨ ਹੋਈ ਤਬਾਹੀ ਦੀ ਭਰਪਾਈ ਲਈ ਵਿਸ਼ੇਸ਼ ਆਰਥਕ ਪੈਕਜ ਦੇਣ ਤੋਂ ਇਲਾਵਾ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ ਗਈ ਹੈ। ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਮੀਟਿੰਗ ਵਿਚ ਉਨ੍ਹਾਂ ਵੱਲੋਂ ਚੁੱਕੇ ਗਏ ਮਸਲਿਆਂ `ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਅਤੇ ਉਨ੍ਹਾਂ ਉਮੀਦ ਹੈ ਕਿ ਕੇਂਦਰ ਵਿਚ ਐਨ.ਡੀ.ਏ ਦੀ ਸਰਕਾਰ ਇਨ੍ਹਾਂ ਵਾਜਬ ਮੰਗਾਂ `ਤੇ ਜ਼ਰੂਰ ਧਿਆਨ ਦਵੇਗੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਮਨੁੱਖਤਾ ਵਿਰੋਧੀ ਵਰਤਾਰੇ ਕਾਰਨ ਪੂਰਾ ਸਿੱਖ ਸਮਾਜ ਨਿਰਾਸ਼ਾ ਦੇ ਆਲਮ ਵਿਚ ਹੈ। ਕੇਂਦਰ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਪਹਿਲ ਦੇ ਅਧਾਰ `ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀ ਹੋਈਆਂ ਉਹ ਜਲਦੀ ਤੋਂ ਜਲਦੀ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਵਿਚ ਆਏ ਹੜ੍ਹ ਕਾਰਨ ਹੋਈ ਤਬਾਹੀ ਵੱਲ ਵੀ ਕੇਂਦਰ ਦਾ ਵਿਸ਼ੇਸ਼ ਧਿਆਨ ਦਿਵਾਇਆ ਗਿਆ ਹੈ ਅਤੇ ਪੰਜਾਬ ਨੂੰ ਵਾਧੂ ਆਰਥਕ ਪੈਕਜ ਦੇਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਗਈ ਹੈ।