ਹਰਿਆਣਾ ਨੂੰ 1 ਇੰਚ ਜ਼ਮੀਨ ਵੀ ਨਹੀਂ ਦਿਤੀ ਜਾਵੇਗੀ। ਚੰਡੀਗੜ੍ਹ ਪੰਜਾਬ ਦਾ ਹੈ : ਸੁਨੀਲ ਜਾਖੜ

ਚੰਡੀਗੜ੍ਹ, 17 ਜੁਲਾਈ : ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਦੀ ਚਰਚਾ 'ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਹਰਿਆਣਾ ਨੂੰ 1 ਇੰਚ ਜ਼ਮੀਨ ਵੀ ਨਹੀਂ ਦਿਤੀ ਜਾਵੇਗੀ। ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਨੂੰ ਆਪਣੀ ਜ਼ਮੀਨ 'ਤੇ ਸਥਾਪਿਤ ਕਾਲੋਨੀਆਂ ਦਾ ਪੈਸਾ ਵੀ ਮਿਲਣਾ ਚਾਹੀਦਾ ਹੈ। ਪੰਜਾਬ ਦੀਆਂ ਯੂਨੀਵਰਸਿਟੀਆਂ ਵਿਚ ਮੁੱਖ ਮੰਤਰੀ ਨੂੰ ਚਾਂਸਲਰ ਬਣਾਉਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਕੁਝ ਮਾਮਲੇ ਸੂਬੇ ਨਾਲ ਸਬੰਧਤ ਹਨ ਅਤੇ ਕੇਂਦਰ ਨੂੰ ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸੂਬੇ ਵਿਚ ਆਏ ਹੜ੍ਹਾਂ ਅਤੇ ਇਸ ਕਾਰਨ ਹੋਏ ਨੁਕਸਾਨ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। 4 ਜੁਲਾਈ ਨੂੰ ਮੌਸਮ ਵਿਭਾਗ ਨੇ ਦੇਸ਼ ਦੇ ਸਾਰੇ ਸੂਬਿਆਂ ਨੂੰ ਚਿਤਾਵਨੀ ਦਿਤੀ ਸੀ ਕਿ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਇਸ ਲਈ ਸੂਬਾਂ ਸਰਕਾਰਾਂ ਨੂੰ ਹੜ੍ਹਾਂ ਤੋਂ ਬਚਾਅ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ 4 ਜੁਲਾਈ ਅਤੇ ਫਿਰ 6 ਜੁਲਾਈ ਨੂੰ ਹੀ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਯੈਲੋ ਅਲਰਟ ਦਿਤਾ ਗਿਆ ਸੀ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਸੰਭਾਵੀ ਹੜ੍ਹਾਂ ਸਬੰਧੀ ਸਮੀਖਿਆ ਮੀਟਿੰਗ ਕਰਨ ਦੀ ਬਜਾਏ ਆਪਣੀ  ਵਿਆਹ ਦੀ  ਵਰ੍ਹੇਗੰਢ  ਮਨਾਉਣ ਵਿਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ 9 ਜੁਲਾਈ ਨੂੰ ਮੀਂਹ ਪੈਣ ਤੱਕ ਸਰਕਾਰ ਨੇ ਕੋਈ ਪ੍ਰਬੰਧ ਨਹੀਂ ਕੀਤੇ ਅਤੇ 10 ਜੁਲਾਈ ਨੂੰ ਪੰਜਾਬ ਦੇ ਖਰੜ ਵਿਚ ਹੜ੍ਹ ਆ ਗਿਆ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੇ ਉਨ੍ਹਾਂ ਨੂੰ ਦਸਿਆ ਕਿ ਸਰਕਾਰ ਨੇ ਕੋਈ ਸਹਾਇਤਾ ਦੇਣ ਦੀ ਬਜਾਏ ਉਨ੍ਹਾਂ ਦੇ ਘਰ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿਤੇ ਹਨ। ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਨੂੰ ਸਵਾਲ ਕੀਤਾ ਕਿ ਹੜ੍ਹਾਂ ਤੋਂ ਪਹਿਲਾਂ ਦਰਿਆਵਾਂ 'ਚੋਂ ਗਾਰ ਕੱਢਣ ਅਤੇ ਸਫਾਈ ਆਦਿ ਲਈ ਸਮੀਖਿਆ ਮੀਟਿੰਗ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮੀਖਿਆ ਮੀਟਿੰਗ ਮੁੱਖ ਮੰਤਰੀ ਦੀ ਬਜਾਏ ਸੂਬੇ ਦੇ ਮੁੱਖ ਸਕੱਤਰ ਵਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਇਹੀ ਮੀਟਿੰਗ 4 ਜੁਲਾਈ ਨੂੰ ਹੁੰਦੀ ਤਾਂ ਹੜ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ। ਕਾਂਗਰਸ 'ਤੇ ਕੰਜ਼ ਕੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਗ੍ਰਿਫਤਾਰੀਆਂ ਤੋਂ ਬਚਣ ਲਈ ਆਮ ਆਦਮੀ ਪਾਰਟੀ ਅੱਗੇ ਆਤਮ ਸਮਰਪਣ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਹੁਣ ਤੱਕ ਕੇਂਦਰ ਸਰਕਾਰ ਤੋਂ ਡਿਜ਼ਾਸਟਰ ਮੈਨੇਜਮੈਂਟ ਤਹਿਤ 218 ਕਰੋੜ ਰੁਪਏ ਮਿਲੇ ਹਨ ਪਰ ਭਗਵੰਤ ਮਾਨ ਇਸ ਤੋਂ ਇਨਕਾਰ ਕਰ ਰਹੇ ਹਨ।