ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ ‘ਚ ਵਧਾਈ ਚੌਕਸੀ

  • ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ

ਚੰਡੀਗੜ੍ਹ, 2 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ ਵਿਵਸਥਾ ਦੇ ਤਾਲਮੇਲ ਦੀ ਸਮੀਖਿਆ ਕਰਨ ਲਈ ਅੰਤਰ-ਰਾਜੀ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਮਿਸ਼ਨ ਦੀ ਟੀਮ ਨੇ ਸੂਬੇ ਦੀਆਂ ਚੋਣ ਟੀਮਾਂ ਅਤੇ ਸਬੰਧਤ ਏਜੰਸੀਆਂ ਨੂੰ ਸਰਹੱਦਾਂ ‘ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਸੂਬੇ ਦੇ ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ‘ਤੇ ਗੁਆਂਢੀ ਰਾਜਾਂ ਦੀਆਂ ਅੰਤਰ-ਰਾਜੀ ਚੈਕ ਪੋਸਟਾਂ ‘ਤੇ ਹੋਰ ਚੌਕਸੀ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫਤ ਦੀਆਂ ਚੀਜ਼ਾਂ ਦੀ ਸਰਹੱਦ ਪਾਰ ਤੋਂ ਰੋਕ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਅਧਿਕਾਰੀਆਂ ਨੂੰ ਨਾਲ ਲੱਗਦੇ ਸਰਹੱਦੀ ਰਾਜਾਂ ਦੇ ਸਹਿਯੋਗ ਨਾਲ ਗੈਰ ਕਾਨੂੰਨੀ ਸਮਾਨ ਦੀਆਂ ਜ਼ਬਤੀਆਂ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉੱਥੇ ਹੀ ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ‘ਤੇ ਪੁਲਿਸ ਅਤੇ ਸੀਆਰਪੀਐਫ ਦੀਆਂ ਟੀਮਾਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਨਸ਼ਿਆਂ ਨੂੰ ਰੋਕਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਯਕੀਨ ਦਿਵਾਇਆ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ
ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ
ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।