ਮੁੱਖ ਮੰਤਰੀ ਮਾਨ ਦੇ ਹੱਥਾਂ ਵਿਚ ਪੰਜਾਬ ਪੂਰੀ ਤਰ੍ਹਾਂ ਤੋਂ ਮਹਿਫੂਜ਼ ਹੈ : ਧਾਲੀਵਾਲ

ਚੰਡੀਗੜ੍ਹ, 20 ਮਾਰਚ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪੂਰੀ ਦੁਨੀਆ ਦੇ ਪੰਜਾਬੀਆਂ ਤੇ ਸਿੱਖ ਭਾਈਚਾਰੇ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥਾਂ ਵਿਚ ਪੰਜਾਬ ਪੂਰੀ ਤਰ੍ਹਾਂ ਤੋਂ ਮਹਿਫੂਜ਼ ਹੈ। ਕਿਸੇ ਨੂੰ ਡਰਨ ਤੇ ਘਬਰਾਉਣ ਦੀ ਲੋੜ ਨਹੀਂ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤੋਂ ਸਥਿਰ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਪੰਜਾਬ ਦਾ ਅਮਨ ਕਾਨੂੰਨ ਖਰਾਬ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਅਸੀਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ‘ਤੇ ਤੋਰਾਂਗੇ। ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਨੌਕਰੀਆਂ ਤੇ ਲੈਪਟਾਪ ਦੇਵਾਂਗੇ। ਇਹ ਸਾਡਾ ਮੁੱਖ ਕੰਮ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਵੀ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਿਰੋਧੀ ਪਾਰਟੀਆਂ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਸਨ, ਜਿਸ ਦੇ ਮੱਦੇਨਜ਼ਰ ਪੰਜਾਬ ਵਿਚ ਅਸ਼ਾਂਤੀ ਫੈਲਾਉਣ ਵਾਲੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਬਿਨਾਂ ਕਿਸੇ ਨੂੰ ਨੁਕਸਾਨ ਪਹੁੰਚਾਏ ਕਾਨੂੰਨੀ ਪ੍ਰਕਿਰਿਆ ਰਾਹੀਂ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।