ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਿਊਟੀ ’ਚ ਕੁਤਾਹੀ ਵਰਤਣ ’ਤੇ ਮੁਅੱਤਲ

ਚੰਡੀਗੜ੍ਹ, 7 ਨਵੰਬਰ 2024 : ਪੰਜਾਬ ਸਰਕਾਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ. ਜੰਗੀਰ ਸਿੰਘ ਨੂੰ ਡਿਊਟੀ ’ਚ ਗੰਭੀਰ ਕੁਤਾਹੀ ਵਰਤਣ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ ਡਿਊਟੀ ਦੇਣਗੇ। ਇਸ ਦੌਰਾਨ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਕਾਰਵਾਈ ਖੇਤੀਬਾੜੀ ਮੰਤਰੀ ਦੇ ਹੁਕਮਾਂ 'ਤੇ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਵਿਭਾਗ ਨੂੰ ਇਸ ਸਬੰਧੀ ਫ਼ਿਰੋਜ਼ਪੁਰ ਦੇ ਡੀਸੀ ਉਨ੍ਹਾਂ ਪੱਤਰ ਵਿੱਚ ਦੱਸਿਆ ਸੀ ਕਿ ਉਪ ਮੰਡਲ ਮੈਜਿਸਟਰੇਟ ਫ਼ਿਰੋਜ਼ਪੁਰ ਦੀ ਨਿਗਰਾਨੀ ਹੇਠ ਮੈਸਰਜ਼ ਸਚਦੇਵਾ ਟਰੈਂਡਜ਼ ਦੇ ਵੱਖ-ਵੱਖ ਗੁਦਾਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ 161.8 ਮੀਟ੍ਰਿਕ ਟਨ ਡੀ.ਏ.ਪੀ ਖਾਦ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀ ਗਈ। ਜਾਂਚ ਦੌਰਾਨ ਫਰਮ ਦੇ ਮਾਲਕਾਂ ਵੱਲੋਂ ਇਸ ਸਬੰਧੀ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਇਸ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਦੀ ਤਰਫ਼ੋਂ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਪੁੱਛਿਆ ਗਿਆ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਜਦਕਿ ਡੀਏਪੀ ਦੀ ਕਮੀ ਨੂੰ ਦੇਖਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਗੰਭੀਰ ਅਣਗਹਿਲੀ ਕਾਰਨ ਮੁੱਖ ਖੇਤੀਬਾੜੀ ਅਫਸਰ ਵਿਰੁੱਧ ਪੰਜਾਬ ਸਿਵਲ ਸਰਵਿਸਿਜ਼ ਸਜ਼ਾ ਅਤੇ ਅਧੀਨਗੀ ਨਿਯਮ, 1970 ਦੇ ਰੂਲ 8 ਤਹਿਤ ਚਾਰਜਸ਼ੀਟ ਦਾਇਰ ਕਰਨ ਦਾ ਫੈਸਲਾ ਲਿਆ ਗਿਆ। ਇਸ ਨਾਲ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲੀ ਸਮੇਂ ਉਹ ਖੇਤੀਬਾੜੀ ਵਿਭਾਗ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਡਿਊਟੀ ਦੇਣਗੇ। ਜਦੋਂ ਕਿ ਫ਼ਾਜ਼ਿਲਕਾ ਦੇ ਖੇਤੀਬਾੜੀ ਅਫ਼ਸਰ ਨੂੰ ਫ਼ਿਰੋਜ਼ਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।