ਨਜਾਇਜ਼ ਉਸਾਰੀਆਂ ਖਿਲਾਫ ਪੰਜਾਬ ਸਰਕਾਰ ਦੀ ਪਹਿਲ, ਜਾਰੀ ਕੀਤਾ ਵ੍ਹਟਸਐਪ ਨੰਬਰ

ਚੰਡੀਗੜ੍ਹ, 5 ਅਗਸਤ : ਨਾਜਾਇਜ਼ ਕਾਲੋਨੀਆਂ ਤੇ ਗੈਰ-ਕਾਨੂੰਨੀ ਉਸਾਰੀਆਂ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ। ਇਸੇ ਦੇ ਮੱਦੇਨਜ਼ਰ ਪੰਜਾਬ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿਚ ਨਾਜਾਇਜ਼ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵਜੋਂ ਸਥਾਨਕ ਲੋਕਲ ਬਾਡੀਜ਼ ਤੇ ਸੰਸਦੀ ਮਾਮਲਿਆਂ ਸਬੰਧੀ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਇਕ ਵ੍ਹਟਸਐਪ ਨੰਬਰ 7889149943 ਜਾਰੀ ਕੀਤਾ ਹੈ। ਮੰਤਰੀ ਬਲਕਾਰ ਸਿੰਘ ਨੇ ਨਾਜਾਇਜ਼ ਉਸਾਰੀਆਂ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਰੀ ਕੀਤੇ ਵ੍ਹਟਸਐਪ ਨੰਬਰ ‘ਤੇ ਲੋਕ ਨਾਜਾਇਜ਼ ਤੇ ਗੈਰ-ਕਾਨੂੰਨੀ ਉਸਾਰੀਆਂ ਬਾਰੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਵੱਲੋਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ ਤੇ ਉਨ੍ਹਾਂ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ।