ਆਪ’ ਵਿਧਾਇਕ ਗੱਜਣਮਾਜਰਾ ਦਾ 3 ਦਿਨ ਦਾ ਰਿਮਾਂਡ ਵਧਿਆ

ਚੰਡੀਗੜ੍ਹ, 27 ਨਵੰਬਰ : ਸੰਗਰੂਰ ਦੀ ਅਮਰਗੜ੍ਹ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ। ਮੁਹਾਲੀ ਅਦਾਲਤ ਨੇ ਗੱਜਣਮਾਜਰਾ ਦਾ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਗੱਜਣਮਾਜਰਾ ਪੀਜੀਆਈ ਤੋਂ ਡਿਸਚਾਰਜ ਹੋਣ ਤੋਂ ਬਾਅਦ 4 ਦਿਨਾਂ ਦੇ ਰਿਮਾਂਡ ‘ਤੇ ਸੀ। ਗੌਰਤਲਬ ਹੈ ਕਿ ਈਡੀ ਨੇ ਗੱਜਣਮਾਜਰਾ ਨੂੰ ਉਸ ਦੇ ਮਾਲੇਰਕੋਟਲਾ ਦਫ਼ਤਰ ਤੋਂ 6 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਜਦੋਂ ਡਾਕਟਰੀ ਜਾਂਚ ਕਰਵਾਈ ਗਈ ਤਾਂ ਵਿਧਾਇਕ ਨੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਉਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਸੀ। ਈਡੀ ਨੇ ਵਿਸ਼ੇਸ਼ ਅਦਾਲਤ ਨੂੰ ਵਿਧਾਇਕ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਵਿਧਾਇਕ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਪਰ ਬਾਅਦ ਵਿੱਚ ਈਡੀ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।