ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਝਟਕਾ

ਚੰਡੀਗੜ੍ਹ,30 ਜੂਨ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਮਾਮਲੇ ‘ਚ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਹੁਣ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਮੁਲਜ਼ਮ ਨੇ ਸੁਪਰੀਮ ਕੋਰਟ ਵਿੱਚ ਆਪਣੇ ਖ਼ਿਲਾਫ਼ ਦਰਜ ਕੇਸ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ ਪਰ ਸੁਪਰੀਮ ਕੋਰਟ ਵੱਲੋਂ ਮੁਲਜ਼ਮ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਮੁਲਜ਼ਮ ਰਾਜਜੀਤ ਸਿੰਘ ਖ਼ਿਲਾਫ਼ ਤਿੰਨ ਵਾਰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਚੁੱਕੀ ਹੈ। ਕੇਸ ਦਰਜ ਹੋਣ ਤੋਂ ਬਾਅਦ ਉਹ ਰੂਪੋਸ਼ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਨੇ ਰਾਜਜੀਤ ਸਿੰਘ ਦੀ ਡਰੱਗ ਮਨੀ ਤੋਂ ਹਾਸਲ ਕੀਤੀ ਜਾਇਦਾਦ ਦੀ ਵੀ ਜਾਂਚ ਕੀਤੀ ਹੈ। ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਐਸਟੀਐਫ ਅਤੇ ਪੰਜਾਬ ਪੁਲੀਸ ਉਸ ਦੀ ਭਾਲ ਕਰ ਰਹੀ ਹੈ।