ਸਕੂਲ ਆਫ਼ ਐਮੀਨੈਂਸ ਪੰਜਾਬ ਦੀ ਸਿੱਖਿਆ ਦੀ ਨੁਹਾਰ ਬਦਲਣਗੇ : ਬੈਂਸ

ਚੰਡੀਗੜ੍ਹ, 02 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ 117 'ਸਕੂਲ ਆਫ਼ ਐਮੀਨੈਂਸ' ਵਿਚ ਪੜ੍ਹਾਈ ਦਾ ਕਾਰਜ ਅਪ੍ਰੈਲ 2023 ਤੋਂ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲਾਂ ਅਤੇ ਸੂਬੇ ਦੇ ਜ਼ਿਲਾ ਸਿੱਖਿਆ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਅਤੇ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣ ਵਾਸਤੇ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਵਧੀਆ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਦਾਖਲ ਮੁਹਿੰਮ ਸਬੰਧੀ ਅਧਿਆਪਕਾਂ ਵਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦਾ ਬਹੁਤ ਵਧੀਆ ਸਹਿਯੋਗ ਮਿਲ ਰਿਹਾ ਹੈ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਕੂਲ ਪ੍ਰਬੰਧ ਵਿੱਚ ਸੁਧਾਰ ਕਰਕੇ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ।