ਸ਼੍ਰੋਮਣੀ ਅਕਾਲੀ ਦਲ ਨੇ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ, 25 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਦੇ ਚੀਫ ਇੰਜੀਨੀਅਰ ਜਤਿੰਦਰ ਸਿੰਘ ਜੋ ਆਮ ਆਦਮੀ ਪਾਰਟੀ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਹਨ, ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਆਪ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਲਈ ਵੋਟਰਾਂ ’ਤੇ ਦਬਾਅ ਬਣਾਉਣ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਇਕ ਸਰਕਾਰੀ ਮੁਲਾਜ਼ਮ ਵੱਲੋਂ ਇਹ ਵਤੀਰਾ ਬਹੁਤ ਹੀ ਗੰਭੀਰ ਕੁਮਾਹੀ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਪੀ ਐਸ ਪੀ ਸੀ ਐਲ ਦੇ ਚੀਫ ਇੰਜੀਨੀਅਰ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਤੇ ਵੋਟਰਾਂ ਨੂੰ ਆਪ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਹਨਾਂ ਨੇ ਚੋਣ ਕਮਿਸ਼ਨ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਇਸ ਅਫਸਰ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ ਅਤੇ ਉਹਨਾਂ ਪਾਰਟੀ ਵੱਲੋਂ ਲਾਏ ਦੋਸ਼ਾਂ ਦੇ ਹੱਕ ਵਿਚ ਸਬੂਤ ਵਜੋਂ ਤਸਵੀਰਾਂ ਵੀ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਈਆਂ।