ਹਰਿਗੋਬਿੰਦਪੁਰ ਵਿਚ ਕਿਸਾਨਾਂ ’ਤੇ ਜ਼ੁਲਮ ਢਾਹੁਣ ਦੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਨਿਖੇਧੀ

ਚੰਡੀਗੜ੍ਹ, 18 ਮਈ : ਸ਼੍ਰੋਮਣੀ ਅਕਾਲੀ ਦਲ ਨੇ ਔਰਤਾਂ ਤੇ ਬਜ਼ੁਰਗਾਂ ਸਮੇਤ ਕਿਸਾਨਾਂ ’ਤੇ  ਹਰਿਗੋਬਿੰਦਪੁਰ ਵਿਚ ਜ਼ੁਲਮ ਢਾਹੁਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰਨ ਅਤੇ ਸਾਰੀ ਘਟਨਾ ਦੀ ਉਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀਸਰਕਾਰ ਅਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਗ੍ਰਹਿ ਵਿਭਾਗ ਦੀ ਵੀ ਅਗਵਾਈ ਕਰ ਰਹੇ ਹਨ, ਦਾ ਅਸਲ ਚੇਹਰਾ ਨੰਗਾ ਹੋ ਗਿਆ ਹੈ। ਉਹਨਾਂ ਕਿਹਾ ਕਿ ਬਜਾਏ ਰੋਸ ਮੁਜ਼ਾਹਰਾ ਕਰ ਰਹੇ ਕਿਸਾਨਾਂ ਦੀ ਗੱਲ ਸੁਣਨ ਦੇ ਇਸ ਕਿਸਾਨ ਵਿਰੋਧੀ ਸਰਕਾਰ ਨੇ ਕਿਸਾਨਾਂ ਦੀ ਕੁੱਟਮਾਰ ਕਰਨ ਅਤੇ ਉਹਨਾਂ ਨੂੰ ਹਿਰਾਸਤ ਵਿਚ ਲੈਣ ਦਾ ਰਾਹ ਚੁਣਿਆ ਤੇ ਔਰਤਾ ਤੇ ਬਜ਼ੁਰਗਾਂ ਨਾਲ ਕੁੱਟਮਾਰ ਵੀ ਕੀਤੀ। ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਇਸ ਤਰੀਕੇ ਤਾਨਾਸ਼ਾਹੀ ਨਾਲ ਪੇਸ਼ ਨਹੀਂ ਆਉਣਾ ਚਾਹੀਦਾ। ਉਹਨਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਮੁੱਖ ਮੰਤਰੀ ਕਿਸਾਨਾਂ ਨੂੰ ਸੱਦ ਕੇ ਉਹਨਾਂ ਦੀਆਂ ਸ਼ਿਕਾਇਤਾਂ ਸੁਣਦੇ ਨਾ ਕਿ ਉਹਨਾਂ ਨੂੰ ਉਹਨਾਂ ਦੀਆਂ ਜ਼ਮੀਨਾਂ ਵਿਚੋਂ ਬਾਹਰ ਕੱਢਣ ਦੇ ਹੁਕਮ ਦਿੰਦੇ।ਉਹਨਾਂ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਦੀ ਹਮਦਰਦੀ ਨਾਲ ਗੱਲ ਸੁਣੀ ਜਾਵੇ।