ਸਿੱਖ ਆਗੂ ਆਪਣਾ ਫਰਜ਼ ਨਿਭਾਉਣ, ਸਰਕਾਰ ਆਪਣੀ ਭੂਮਿਕਾ ਨਿਭਾਏਗੀ : ਡਾ. ਬਲਬੀਰ ਸਿੰਘ

ਚੰਡੀਗੜ੍ਹ, 01 ਮਾਰਚ : ਅਜਨਾਲਾ ਵਿਖੇ ਵਾਪਰੀ ਘਟਨਾਂ ਬਹੁਤ ਹੀ ਮੰਦਭਾਗੀ ਹੈ, ਇਸ ਘਟਨਾਂ ਤੇ ਮੁੱਖ ਮੰਤਰੀ ਮਾਨ ਅਤੇ ਡੀਜੀਪੀ ਵੱਲੋਂ ਨਜ਼ਰ ਰੱਖੀ ਜਾ ਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਨੁਮਾਇੰਦੇ ਹੋਣ ਦੇ ਨਾਤੇ ਵਿਸ਼ਵਾਸ਼ ਦਿਵਾਉਂਦੇ ਹਨ ਕਿ ਸਰਕਾਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਅਤੇ ਪ੍ਰਧਾਨ ਐਸਜੀਪੀਸੀ ਆਪਣਾ ਫਰਜ਼ ਅਦਾ ਕਰਨ ਤੇ ਸਰਕਾਰ ਆਪਣਾ ਫਰਜ਼ ਨਿਭਾਏਗੀ। ਉਹਨਾਂ ਕਿਹਾ ਕਿ ਸਰਕਾਰ ਹਾਲਾਤ ਵਿਗੜਨ ਨਹੀਂ ਦੇਵੇਗੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ’ਚ 150 ਤੋਂ ਵੱਧ ਹੋਰ ਆਮ ਆਦਮੀ ਕਲੀਨਿਕ ਬਣਨ ਜਾ ਰਹੇ ਹਨ। ਇਸ ਦੇ ਨਾਲ ਕਮਿਊਨਟੀ ਹੈਲਥ ਸੈਂਟਰ, ਸਬ-ਡਿਵੀਜ਼ਨ ਹਸਪਤਾਲ, ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਹਸਪਤਾਲਾਂ ਵਿਚ ਡਾਕਟਰਾਂ ਅਤੇ ਹੋਰ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਉੱਥੇ ਸਾਰੇ ਟੈਸਟ ਕੀਤੇ ਜਾਣਗੇ, ਕਿਸੇ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ। ਸੂਬੇ ਵਿਚ ਕੈਂਸਰ ਹਸਪਤਾਲ ਬਣਾਉਣ ਸਬੰਧੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਕੈਂਸਰ ਹਸਪਤਾਲ ਬਣ ਰਿਹਾ ਹੈ ਪਰ ਇਸ ਤੋਂ ਪਹਿਲਾਂ ਕੈਂਸਰ ਦੀ ਰੋਕਥਾਮ ਜ਼ਰੂਰੀ ਹੈ, ਉਸ ‘ਤੇ ਵੀ ਕੰਮ ਚੱਲ ਰਿਹਾ ਹੈ।