ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 10 ਫਰਵਰੀ : ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਦੇ ਕਈ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ। ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਭਾਜਪਾ ਪਰਿਵਾਰ ਦੀ ਮੁਢਲੀ  ਮੈਂਬਰਸ਼ਿਪ ਦਿਵਾਈ ਅਤੇ ਉਨ੍ਹਾਂ ਨੂੰ ਪਾਰਟੀ ਦਾ ਸਰੋਪਾ ਦੇ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ,  ਰਾਜੇਸ਼ ਬਾਗਾ,  ਬਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਆਦਿ ਵੀ ਹਾਜ਼ਰ ਸਨ। ਜੀਵਨ ਗੁਪਤਾ ਨੇ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾ.) ਦੇ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਗਗਰੋਲੀ (ਸੰਗਰੂਰ),  ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੰਗੂ (ਸੰਗਰੂਰ),  ਵਪਾਰੀ ਆਗੂ ਸਕਸ਼ਮ ਬਾਂਸਲ (ਨਾਭਾ) ਅਤੇ ਵਪਾਰੀ ਪ੍ਰੀਤਇੰਦਰ ਬੁੱਗਾ (ਅਮਲੋਹ) ਆਪਣੇ ਸਾਥੀਆਂ ਸਮੇਤ ਅਤੇ ਕਈ ਹੋਰ ਲੋਕ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰ ਪਿਛਲੇ ਕਈ ਸਾਲਾਂ ਤੋਂ ਜਨਤਾ ਦੀ ਸੇਵਾ ਕਰ ਰਹੇ ਹਨ ਅਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਅਕਾਲੀ ਦਲ ਦੇ ਇਹ ਸਾਬਕਾ ਆਗੂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਵਿਧਾਨਸਭਾ ਸੰਗਰੂਰ ਦੇ ਰਹਿਣ ਵਾਲੇ ਹਨ ਅਤੇ ਜਨਤਾ ਵਿੱਚ ਚੰਗੀ ਸਾਖ ਰਖਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ। ਇਨ੍ਹਾਂ ਸਾਰੇ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਹ ਸਾਰੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਲਏ ਗਏ ਠੋਸ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਇਹ ਸਾਰੇ ਪਾਰਟੀ ਦੀ ਵਿਚਾਰਧਾਰਾ ਅਤੇ ਪ੍ਰਚਾਰ-ਪ੍ਰਸਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਧਰ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ’ਤੇ ਖਰਾ ਉਤਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੁਰਿੰਦਰ ਸਿੰਘ ਘੁਮਾਣਾ,  ਸੁਰਿੰਦਰ ਸਿੰਘ ਚੰਦੂਆ,  ਭੁਪਿੰਦਰ ਸਿੰਘ ਗੋਲੂ ਤੇ ਜਗੀਰ ਸਿੰਘ ਆਦਿ ਵੀ ਹਾਜ਼ਰ ਸਨ।