ਹੜਤਾਲ 'ਤੇ ਨਹੀਂ ਜਾਣਗੇ ਤਹਿਸੀਲਦਾਰ, ਸਰਕਾਰ ਨੇ ਅਧਿਕਾਰੀਆਂ ਨੂੰ ਦਿੱਤਾ ਭਰੋਸਾ

ਚੰਡੀਗੜ੍ਹ, 18 ਅਗਸਤ 2024 : ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਸ ਲੈ ਲਈ ਗਈ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਾਮ ਸ਼ੰਕਰ ਜਿੰਪਾ ਅਤੇ ਐਫਸੀਆਰ ਸ੍ਰੀ ਕੇਏਪੀ ਸਿਨਹਾ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਖ਼ਤਮ ਕਰ ਦਿੱਤੀ ਗਈ। ਮੰਤਰੀ ਨੇ ਮਾਲ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਧਿਕਾਰੀਆਂ ਦੀਆਂ ਹੱਕੀ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਮੀਟਿੰਗ ਦੌਰਾਨ ਜਾਇਜ਼ ਮੰਗਾਂ ਮੰਨ ਲੈਣ ਦੇ ਭਰੋਸੇ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਗਈ ਹੈ। ਜਾਣਕਾਰੀ ਮੁਤਾਬਿਕ ਮਾਲ ਅਫਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੇ 17 ਅਗਸਤ ਨੂੰ ਸਮੂਹਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਸੀ ਜਿਸ ਕਾਰਨ ਆਮ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ’ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਸੀ। ਐਸੋਸੀਏਸ਼ਨ ਦਾ ਕਹਿਣਾ ਸੀ ਕਿ ਬਕਾਈਆਂ ਮੰਗਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਕੋਈ ਮੰਗਾਂ ਨੂੰ ਲੈ ਕੇ ਗੌਰ ਨਹੀਂ ਕਰ ਰਹੀ ਜਿਸ ਕਾਰਨ ਉਨ੍ਹਾਂ ਨੂੰ ਹੜਤਾਲ ਵਰਗਾ ਕਦਮ ਚੁੱਕਣਾ ਪੈ ਰਿਹਾ ਹੈ।