- ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਕਰਨਗੀਆਂ ਜਾਗਰੂਕ
- ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਵੱਲੋਂ ਭਾਗੀਦਾਰ ਵਿਭਾਗਾਂ ਨਾਲ ਮੀਟਿੰਗ
ਹੁਸ਼ਿਆਰਪੁਰ, 21 ਨਵੰਬਰ : ਕੇਂਦਰੀ ਯੋਜਨਾਵਾਂ ਦਾ ਲਾਭ 100 ਫੀਸਦੀ ਲੋਕਾਂ ਤੱਕ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਸ਼ੁਰੂ ਕੀਤੀ ਗਈ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ। ਇਹ ਪ੍ਰਗਟਾਵਾ ਕੇਂਦਰ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਡਾਇਰੈਕਟਰ ਅਤੇ ਸੀਨੀਅਰ ਅਧਿਕਾਰੀ ਅਸ਼ੋਕ ਸ੍ਰੀਵਾਸਤਵ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਮੌਜੂਦਗੀ ਵਿਚ ਭਾਗੀਦਾਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਅਸ਼ੋਕ ਸ੍ਰੀਵਾਸਤਵ, ਜਿਹੜੇ ਕਿ ਇਸ ਹੁਸ਼ਿਆਰਪੁਰ ਜ਼ਿਲ੍ਹੇ ਲਈ ਇਸ ਸੰਕਲਪ ਯਾਤਰਾ ਦੇ ਪ੍ਰਭਾਰੀ ਅਧਿਕਾਰੀ ਹਨ, ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਮੁਹਿੰਮ 15 ਨਵੰਬਰ 2023 ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕੇਂਦਰ ਦੀਆਂ ਪ੍ਰਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ, ਜੋ ਕਿ 25 ਜਨਵਰੀ 2024 ਨੂੰ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੇਂਡੂ ਖੇਤਰਾਂ ਲਈ ਇਹ ਸੰਕਲਪ ਯਾਤਰਾ 26 ਨਵੰਬਰ 2023 ਤੋਂ 15 ਜਨਵਰੀ 2024 ਤੱਕ ਚਲਾਈ ਜਾਵੇਗੀ। ਇਸੇ ਤਰ੍ਹਾਂ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਇਹ ਯਾਤਰਾ 21 ਦਸੰਬਰ 2023 ਤੋਂ 27 ਦਸੰਬਰ 2023 ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਭਾਰਤ ਸਰਕਾਰ ਵੱਲੋਂ ਬਤੌਰ ਨੋਡਲ ਅਫ਼ਸਰ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਪਿੰਡਾਂ ਵਿਚ ਸਾਊਂਡ ਸਿਸਟਮ ਅਤੇ ਐਲ. ਈ. ਡੀ. ਸਕਰੀਨਾਂ ਨਾਲ ਲੈਸ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣਗੇ, ਜਿਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਦਿੱਤੀ ਜਾਵੇਗੀ ਅਤੇ ਮੌਕੇ ’ਤੇ ਹੀ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇਗਾਂ ਤਾਂ ਜੋ ਜਿਨ੍ਹਾਂ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ, ਉਹ ਉਨ੍ਹਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੌਕੇ ‘ਮੇਰੀ ਕਹਾਣੀ, ਮੇਰੀ ਜ਼ੁਬਾਨੀ’ ਤਹਿਤ ਲਾਭਤਾਰੀਆਂ ਦੇ ਸੁਝਾਅ ਅਤੇ ਸਫਲਤਾ ਦੇ ਕਿੱਸੇ ਵੀ ਵੀਡੀਓਜ਼ ਰਾਹੀਂ ਸਾਂਝੇ ਕੀਤੇ ਜਾਣਗੇ ਤਾਂ ਜੋ ਹਰੇਕ ਅਣਗੌਲ਼ੇ ਵਿਅਕਤੀ ਨੂੰ ਪ੍ਰੇਰਿਤ ਕਰਕੇ ਯੋਜਨਾਵਾਂ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰਾਂ ਵਿਚ ਵੀ ਯੋਗ ਲਾਭਪਾਤਰੀਆਂ ਤੱਕ ਲਾਭ ਪਹੁੰਚਾਇਆ ਜਾਵੇਗਾ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਦੱਸਿਆ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਸਫ਼ਲਤਾ ਪੂਰਵਕ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕਰ ਲਈ ਗਈ ਅਤੇ ਯੋਜਨਾਵਾਂ ਦੇ ਨੋਡਲ ਅਫ਼ਸਰ ਨਿਯੁਕਤ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਭਾਗੀਦਾਰ ਵਿਭਾਗਾਂ ਦੇ ਤਾਲਮੇਲ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ, ਜਿਥੇ ਹਜ਼ਾਰਾਂ ਲੋਕਾਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਇਸ ਮੁਹਿੰਮ ਦੀ ਸਫ਼ਲਤਾ ਲਈ ਆਪਸੀ ਤਾਲਮੇਲ ਅਤੇ ਮਿਹਨਤ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ, ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ. ਡੀ. ਐਮ ਟਾਂਡਾ ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸਚਿਨ ਪਾਠਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਭੁਪਿੰਦਰ ਸਿੰਘ ਮੁਲਤਾਨੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੋਂ ਫੀਲਡ ਪਬਲਿਸਿਟੀ ਅਫ਼ਸਰ ਰਾਜੇਸ਼ ਬਾਲੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।