ਹੁਸ਼ਿਆਰਪੁਰ, 12 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿੱਚ 312141 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਸਾਰੀ ਹੀ ਕਣਕ ਦੀ ਖਰੀਦ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ 74 ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ ਹੁਣ ਤੱਕ 88326 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵਲੋਂ -75028, ਪਨਸਪ ਵਲੋਂ 73114, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 44451, ਐਫ.ਸੀ.ਆਈ. ਵਲੋਂ 24820 ਅਤੇ ਵਪਾਰੀਆਂ ਵਲੋਂ 6402 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।