- ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਦਿੱਲੀ 18 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮ ਦੌਰਾਨ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ
- ਕੈਬਨਿਟ ਮੰਤਰੀ ਜਿੰਪਾ, ਸੂਬਾ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਅਤੇ ਵਿਧਾਇਕ ਜਸਵੀਰ ਸਿੰਘ ਗਿੱਲ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
- ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 16 ਨਵੰਬਰ : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਅਤੇ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ 18 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਆਮਦ ਨੂੰ ਲੈ ਕੇ ਕੀਤੀਆਂ ਜਾ ਤਿਆਰੀਆਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ 18 ਨਵੰਬਰ ਨੂੰ ਹੁਸ਼ਿਆਰਪੁਰ-ਫਗਵਾੜਾ ਬਾਈਪਾਸ 'ਤੇ ਸਥਿਤ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇੜੇ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਥੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ 'ਵਿਕਾਸ ਕ੍ਰਾਂਤੀ ਵੱਲ ਵਧਦੇ ਕਦਮ' ਪ੍ਰੋਜੈਕਟ ਤਹਿਤ 867 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਆਪਣੇ ਚਹੇਤੇ ਆਗੂਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਦੌਰਾਨ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਪੰਡਾਲ, ਵੱਖ-ਵੱਖ ਬਲਾਕਾਂ, ਸੁਰੱਖਿਆ, ਸਟੇਜ, ਮੈਡੀਕਲ ਸਹੂਲਤਾਂ, ਪਾਰਕਿੰਗ, ਟ੍ਰੈਫ਼ਿਕ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹੁਸ਼ਿਆਰਪੁਰ ਦੇ ਵਿਕਾਸ ਨੂੰ ਹਮੇਸ਼ਾ ਪਹਿਲ ਦਿੱਤੀ ਗਈ ਹੈ, ਜਿਸ ਲਈ ਹੁਸ਼ਿਆਰਪੁਰ ਦੇ ਲੋਕ ਹਮੇਸ਼ਾ ਮੁੱਖ ਮੰਤਰੀ ਦੇ ਧੰਨਵਾਦੀ ਰਹਿਣਗੇ। ਇਸ ਮੌਕੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਜਗਰੂਪ ਸਿੰਘ ਸੇਖਵਾਂ, ਮੇਅਰ ਸੁਰਿੰਦਰ ਕੁਮਾਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਦੋਆਬਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਲੋਕ ਸਭਾ ਇੰਚਾਰਜ ਹੁਸ਼ਿਆਰਪੁਰ ਹਰਵਿੰਦਰ ਸਿੰਘ ਬਖਸ਼ੀ, ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਇੰਚਾਰਜ ਮਾਲਵਿੰਦਰ ਸਿੰਘ ਕੰਗ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਗੁਰਵਿੰਦਰ ਸਿੰਘ ਪਾਬਲਾ, ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ ਸਤਨਾਮ ਸਿੰਘ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।