ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਜਲੰਧਰ, 02 ਜੁਲਾਈ 2024 : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਮਹਿਜ਼ 7 ਦਿਨ ਪਹਿਲਾਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ਸ਼ਾਮਲ ਕਰਦੇ ਹੋਏ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ। ਵੋਟਾਂ ਤੋਂ ਕੁਝ ਦਿਨ ਪਹਿਲਾਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦਾ 'ਆਪ' ਵਿੱਚ ਸ਼ਾਮਲ ਹੋਣਾ ਪਾਰਟੀ ਲਈ ਵੱਡਾ ਝਟਕਾ ਹੈ। ਜਿਕਰਯੋਗ ਹੈ ਕਿ 21 ਜੂਨ ਨੂੰ ਸੁਰਜੀਤ ਕੌਰ ਵੱਲੋਂ ਉਮੀਦਵਾਰ ਵਜੋਂ ਪਰਚਾ ਭਰਿਆ ਗਿਆ ਸੀ। ਇਸ ਤੋਂ ਬਾਅਦ 26 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਮਥਨ ਵਾਪਸ ਲੈ ਲਿਆ ਗਿਆ। ਪਰ ਇਸ ਦੌਰਾਨ 26 ਜੂਨ ਨੂੰ ਬਾਗੀ ਧੜੇ ਵੱਲੋਂ ਸਰਮਥਨ ਦੇਣ ਦਾ ਐਲਾਨ ਕੀਤਾ ਗਿਆ। ਅੱਜ ਸੁਰਜੀਤ ਕੌਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਜਿਸ ਕਾਰਨ ਅਕਾਲੀ ਦਲ ਦੇ ਬਾਗੀ ਧੜੇ ਨੂੰ ਵੱਡਾ ਝਟਕਾ ਲੱਗਿਆ ਹੈ।