ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਨਵਾਂਸ਼ਹਿਰ, 10 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕਿਸੇ ਵੀ ਜਗ੍ਹਾ 'ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰਖੱਤਾਂ ਨੂੰ ਕੱਟਣਾਂ ਜ਼ਰੂਰੀ ਹੋਵੇ ਤਾਂ ਉਸ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ। ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨ੍ਹਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 8 ਨਵੰਬਰ 2024 ਤੱਕ ਲਾਗੂ ਰਹਿਣਗੇ।