- ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਹੁਸ਼ਿਆਰਪੁਰ, 17 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ-ਫਗਵਾੜਾ ਬਾਈਪਾਸ ’ਤੇ ਸਥਿਤ ਜੈਮਜ਼ ਕੈਂਬਰਿਜ ਸਕੂਲ ਨੇੜੇ ਕਰਵਾਏ ਜਾ ਰਹੇ ‘ਵਿਕਾਸ ਕ੍ਰਾਂਤੀ ਵੱਲ ਵਧਦੇ ਕਦਮ’ ਤਹਿਤ ਹੋਣ ਵਾਲੇ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਮੀਟੰਗ ਵੀ ਕੀਤੀ। ਇਸ ਮੌਕੇ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ 867 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਆਗਾਜ਼ ਕੀਤਾ ਜਾਵੇਗਾ। ਇਸ ਲਈ ਸਮਾਗਮ ਦੀਆਂ ਤਿਆਰੀਆਂ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਉਨ੍ਹਾਂ ਸਾਰੇ ਪ੍ਰਬੰਧਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਹੁਸ਼ਿਆਰਪੁਰ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ, ਜਿਸ ਲਈ ਹੁਸ਼ਿਆਰਪੁਰ ਵਾਸੀ ਉਨ੍ਹਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਹੁੰਮ-ਹੁੰਮਾ ਕੇ ਇਸ ਸਮਾਗਮ ਵਿਚ ਪਹੁੰਚਣ ਦਾ ਸੱਦਾ ਦਿੱਤਾ।