ਹੁਸ਼ਿਆਰਪੁਰ, 11 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਪੜਾਅ ਵਿੱਚ ਟਿਊਬਵੈੱਲ ਲਗਾ ਕੇ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਰਿਹਾ ਹੈ। ਉਹ ਅੱਜ ਵਾਰਡ ਨੰਬਰ 26 ਵਿੱਚ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ 28.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਇਸ ਟਿਊਬਵੈੱਲ ਨਾਲ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਬੁਨਿਆਦੀ ਲੋੜ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ ਨੂੰ ਨਿਰਧਾਰਤ ਸਮੇਂ ਵਿਚ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਹਰਵਿੰਦਰ ਸਿੰਘ, ਬਲਵਿੰਦਰ ਬਿੰਦੀ, ਮਨਜੋਤ ਕੌਰ, ਕੁਲਵਿੰਦਰ ਸਿੰਘ, ਮੁਖੀ ਰਾਮ, ਸਰਬਜੀਤ ਕੌਰ, ਮਧੂ, ਚੰਦਨ ਲੱਕੀ, ਬਲਵਿੰਦਰ ਕਤਨਾ, ਹਰਵਿੰਦਰ ਹੈਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।