ਹੁਸ਼ਿਆਰਪੁਰ, 17 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਦਸਮ ਪਾਤਸ਼ਾਹ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੱਕ, ਸੱਚ, ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਕੁਰਬਾਨੀਆਂ ਭਰਿਆ ਗੁਰੂ ਸਾਹਿਬ ਦਾ ਲਾਸਾਨੀ ਜੀਵਨ ਬਿਰਤਾਂਤ ਵਿਸ਼ਵ ਇਤਿਹਾਸ ਵਿਚ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਤੇ ਦਮਨ ਵਿਰੁੱਧ ਲੜਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਉਹ ਗੁਰੂ ਚਰਨਾਂ 'ਚ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਮਿਹਰ ਕਰਨ ਅਤੇ ਅਸੀਂ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਜ਼ਬਰ-ਜ਼ੁਲਮ ਖ਼ਿਲਾਫ਼ ਖੜ੍ਹ ਕੇ ਮਜ਼ਲੂਮਾਂ ਦੀ ਧਿਰ ਬਣੀਏ ਅਤੇ ਆਪਣਾ ਜੀਵਨ ਚੜ੍ਹਦੀਕਲਾ 'ਚ ਬਤੀਤ ਕਰੀਏ। ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਅਤੇ ਹੋਰਨਾਂ ਆਗੂਆਂ ਨੇ ਵੀ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ।