- ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ
- ਸਿਹਤ ਵਿਭਾਗ ਨੂੰ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਿਹਤ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 16 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਰਸਾਤਾਂ ਤੋਂ ਪਹਿਲਾਂ ਡਰੇਨਾਂ ਆਦਿ ਦੀ ਸਫ਼ਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਦੀ ਮੁਰੰਮਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸੀਵਰੇਜ ਦੇ ਪਾਣੀ ਨਾਲ ਪੀਣ ਵਾਲੇ ਪਾਣੀ ਦੇ ਮਿਲਣ ਦੀ ਸ਼ਿਕਾਇਤ ਨਾ ਆਵੇ। ਉਹ ਅੱਜ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਲਜੀਤ ਕੌਰ, ਐਸ.ਡੀ.ਐਮ ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਪੀ (ਹੈੱਡਕੁਆਰਟਰ) ਮਨਜੀਤ ਕੌਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਿਕਵਰੀ ਸਬੰਧੀ ਮਾਮਲਿਆਂ ਵਿੱਚ ਗੰਭੀਰਤਾ ਦਿਖਾਈ ਜਾਵੇ ਅਤੇ ਡਿਫਾਲਟਰਾਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਫ਼ਸਲੀ ਕਰਜ਼ਾ ਰਾਹਤ ਸਕੀਮਾਂ, ਅਦਾਲਤੀ ਕੇਸਾਂ ਅਤੇ ਹੋਰ ਵਿਸ਼ਿਆਂ ਬਾਰੇ ਜਾਣਕਾਰੀ ਹਾਸਲ ਕਰਕੇ ਲੰਬਿਤ ਪਏ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਦੀਆਂ ਹਦਾਇਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡੇਂਗੂ ਦੀ ਰੋਕਥਾਮ ਲਈ ਮੁਹਿੰਮ ਵਜੋਂ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਇਸ ਦੌਰਾਨ ਉਨ੍ਹਾਂ ਈ.ਓਜ਼ ਅਤੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਨਿਯਮਤ ਤੌਰ ’ਤੇ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੇ ਲਾਰਵੇ ਦੀ ਜਾਂਚ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਡੇਂਗੂ ਦੇ ਮੱਛਰ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਂਫਲਿਟ ਵੀ ਜਾਰੀ ਕੀਤਾ। ਮਹੀਨਾਵਾਰ ਮੀਟਿੰਗ ਦੌਰਾਨ ਉਨ੍ਹਾਂ ਕੋਵਿਡ-19 ਨਾਲ ਸਬੰਧਤ ਆਉਣ ਵਾਲੇ ਮਾਮਲਿਆਂ ਦੀ ਸਮੀਖਿਆ ਕੀਤੀ ਅਤੇ ਸਿਹਤ ਵਿਭਾਗ ਨੂੰ ਲੋੜੀਂਦੇ ਪ੍ਰੋਟੋਕੋਲ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਦੀ ਡਲਿਵਰੀ ਕਰਵਾਉਣ ਲਈ ਗਤੀਵਿਧੀਆਂ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਬੀ.ਪੀ.ਐਲ ਪਰਿਵਾਰਾਂ ਦੀਆਂ ਔਰਤਾਂ ਨੂੰ ਜਣੇਪੇ ਦੌਰਾਨ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵੀ ਸੁਚਾਰੂ ਢੰਗ ਨਾਲ ਦਿੱਤੀ ਜਾਵੇ। ਉਨ੍ਹਾਂ ਮੈਡੀਕਲ ਸਟੋਰਾਂ ਦੀ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਚੈਕਿੰਗ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਬੇਨਿਯਮੀਆਂ ਸਾਹਮਣੇ ਆਉਂਦੀਆਂ ਹਨ, ਤਾਂ ਸਖ਼ਤ ਕਾਰਵਾਈ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ ਦੀ ਬਿਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਜੇਕਰ ਅਜਿਹੇ ਮਰੀਜ਼ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਦਾ ਤੁਰੰਤ ਇਲਾਜ ਕੀਤਾ ਜਾਵੇ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਕੂਲ ਸਿੱਖਿਆ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਚੁਣੇ ਗਏ ਪੰਜ ਸਕੂਲ ਫਾਰ ਐਮੀਨੈਂਸ ਦੀ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਮਿਡ-ਡੇ-ਮੀਲ ਤਹਿਤ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬਾਥਰੂਮਾਂ ਅਤੇ ਕਮਰਿਆਂ ਦੀ ਸਫ਼ਾਈ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਹੋਰ ਸਹੂਲਤਾਂ ਵੀ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਦਿੱਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਸਮੱਗਰ ਸਿੱਖਿਆ ਅਭਿਆਨ ਅਤੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਹਿਕਾਰਤਾ ਵਿਭਾਗ, ਪਸ਼ੂ ਪਾਲਣ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।