ਨਵਾਂਸ਼ਹਿਰ, 11 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਰਜਿੰਦਰ ਕੁਮਾਰ ਕੰਬੋਜ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖ਼ਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਪ੍ਰਤੀਕੁਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ. ਏ. ਪੀ ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ.ਪੀ.ਕੇ ਤੇ ਹੋਰ ਖ਼ਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਵਾਹ ਕੇ ਵੀ ਖ਼ਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖ਼ਾਦ ਵਿਕਰੇਤਾ ਡੀ.ਏ.ਪੀ ਖ਼ਾਦ ਜਾਂ ਹੋਰ ਖ਼ਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗ਼ੈਰ-ਜ਼ਰੂਰੀ ਖ਼ਾਦਾਂ/ਦਵਾਈਆਂ ਨਾ ਦੇਵੇ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖ਼ਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।