ਨਵਾਂਸ਼ਹਿਰ, 09 ਨਵੰਬਰ : ਸਾਉਣੀ 2023 ਸੀਜਨ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਵੱਲੋਂ ਪਿੰਡ ਗੁਜਰਪੁਰ ਕਲਾਂ ਵਿਖੇ ਝੋਨੇ ਦੀ ਪਰਾਲੀ ਦੇ ਡੰਪ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਰੋਕਥਾਮ ਲਈ ਵੱਖ-ਵੱਖ ਮਹਿਕਮੇ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਦਾ ਜੋਆਇੰਟ ਆਪਰੇਸ਼ਨ ਚੱਲ ਰਿਹਾ ਹੈ, ਜਿਸ ਤਹਿਤ ਰੋਜ਼ਾਨਾ ਗਸ਼ਤ ਕੀਤੀ ਜਾ ਰਹੀ ਹੈ। ਇਸ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਜਾਗਰੂਕ ਕਰਨ ਤੋਂ ਇਲਾਵਾ ਉਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਵੀ ਜਾ ਰਿਹਾ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਰਲਾ ਕੇ ਜਾਂ ਬੇਲਰ ਦੀ ਮਦਦ ਨਾਲ ਉਸ ਦੀਆਂ ਗੰਢਾਂ ਬਣਾ ਕੇ ਇਸ ਦੀ ਸਾਂਭ-ਸੰਭਾਲ ਕਰਨ। ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੁਲਿਸ ਵਿਭਾਗ ਦੀਆਂ ਕੁੱਲ 25 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਦਾ ਕੰਮ ਕਰਨਗੀਆਂ । ਉਨਾਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਏ, ਕਿਉਂਕਿ ਇਸ ਨਾਲ ਵਾਤਾਵਰਣ ਨੂੰ ਦੂਸ਼ਿਤ ਹੁੰਦਾ ਹੈ। ਇਸ ਮੌਕੇ ‘ਤੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੇਵ ਸਿੰਘ ਨੇ ਜਾਣਕਾਰੀ ਦਿੱਤੀ ਕਿ ਝੋਨੇ ਦੀ ਪਰਾਲੀ ਦੀ ਸਾਂਭਣ ਵਾਲੀਆਂ ਮਸ਼ੀਨਾਂ ਵਿਭਾਗ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨਾਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹੇ ਵਿੱਚ ਕੁੱਲ 2250 ਵੱਖ -ਵੱਖ ਮਸ਼ੀਨਾਂ ਉਪਲਬੱਧ ਹਨ, ਜਿਸ ਵਿੱਚ 110 ਤੋਂ ਵੱਧ ਬੇਲਰ ਅਤੇ 1000 ਤੋ ਵੱਧ ਸੁਪਰ ਸੀਡਰ ਸ਼ਾਮਿਲ ਹਨ। ਇਸ ਸੰਬੰਧ ਵਿੱਚ ਅਗਾਂਹ ਵਧੂ ਕਿਸਾਨ ਸ. ਗੁਰਮੀਤ ਸਿੰਘ ਅਤੇ ਸ. ਭਜਨ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਉਹ ਪਿਛਲੇ 10 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਹਨ ਅਤੇ ਉਨ੍ਹਾਂ ਦਾ ਝਾੜ ਬਹੁਤ ਵਧੀਆ ਆਉਂਦਾ ਹੈ। ਇਸ ਮੌਕੇ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾਕਟਰ ਨਰੇਸ਼ ਕੁਮਾਰ ਕਟਾਰੀਆ ਖੇਤੀਬਾੜੀ ਅਫਸਰ , ਇੰਜ ਚੰਦਨ ਸ਼ਰਮਾ ਸਹਾਇਕ ਖੇਤੀਬਾੜੀ ਇੰਜੀਨੀਅਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਿਸਾਨ ਵੀ ਹਾਜ਼ਰ ਸਨ।