- ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਫਿਜੀਕਲ ਵੈਰੀਫਿਕੇਸ਼ਨ ਕਰਨ ’ਤੇ ਦਿੱਤਾ ਜ਼ੋਰ
- ਸਰਕਾਰੀ ਦਫ਼ਤਰਾਂ ’ਚ ਆਪਣੀਆਂ ਸ਼ਿਕਾਇਤਾਂ ਦੇ ਸਟੇਟਸ ਸਬੰਧੀ ਜ਼ਿਲ੍ਹਾ ਵਾਸੀ ਫੋਨ ’ਤੇ ਪ੍ਰਾਪਤ ਕਰਨ ਸਕਣਗੇ ਜਾਣਕਾਰੀ
- ਪਿੰਡਾਂ ’ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਕਪੂਰਥਲਾ 31 ਮਈ : ਮੁੱਖ ਮੰਤਰੀ, ਪੰਜਾਬ ਸ੍ਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੀਆਂ ਬਰੂਹਾਂ ’ਤੇ ਨਿਪਟਾਰਾ ਕਰਨ ਦੇ ਮੰਤਵ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਡਾਲਾ ਵਿਖੇ ਪਹਿਲਾ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਵਲੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੁਣਕੇ ਉਨਾਂ ਦਾ ਮੌਕੇ ਉੱਪਰ ਹੀ ਹੱਲ ਕੀਤਾ ਗਿਆ । ਇਸ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਵਲੋਂ ਸ਼ਿਰਕਤ ਕੀਤੀ ਗਈ । ਪੇਂਡੂ ਵਿਕਾਸ, ਬੁਢਾਪਾ ਪੈਨਸ਼ਨ, ਮਗਨਰੇਗਾ, ਸਿਹਤ ਸਹੂਲਤਾਂ, ਰਾਸ਼ਨ ਕਾਰਡ ਸਬੰਧੀ ਸ਼ਿਕਾਇਤਾਂ ਵਿਚੋਂ ਬਹੁਤੀਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਇਹ ਵੀ ਐਲਾਨ ਕੀਤਾ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਵੀਂ ਪ੍ਰਣਾਲੀ ਅਪਣਾਈ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹਾ ਵਾਸੀ ਸਬੰਧਿਤ ਸਰਕਾਰੀ ਦਫ਼ਤਰਾਂ ਪਾਸੋਂ ਆਪਣੀਆਂ ਸ਼ਿਕਾਇਤਾਂ ਦੇ ਸਟੇਟਸ ਅਤੇ ਹੋਈ ਕਾਰਵਾਈ ਬਾਰੇ ਮੋਬਾਇਲ ’ਤੇ ਸੁਨੇਹਾ ਪ੍ਰਾਪਤ ਕਰ ਸਕਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਖਾਸ ਕਰਕੇ ਪੈਨਸ਼ਨ ਅਤੇ ਸ਼ਗਨ ਸਕੀਮ ਦਾ ਲਾਭ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵੱਧ ਤੋਂ ਵੱਧ ਫੀਲਡ ਵਿੱਚ ਦੌਰੇ ਕੀਤੇ ਜਾਣ। ਜ਼ਿਲ੍ਹੇ ਵਿੱਚ ਸ਼ਗਨ ਸਕੀਮ ਸਬੰਧੀ 430 ਬਕਾਇਆ ਕੇਸਾਂ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਣ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਵਿੱਚ ਪ੍ਰੋਗਰਾਮ ਉਲੀਕੇ ਜਾਣਗੇ। ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਵਲੋਂ ਪਿੰਡ ਡਾਲਾ , ਭਦਾਸ , ਨੰਗਲ ਲੁਬਾਣਾ ਵਿਖੇ ਜਾ ਕੇ ਵਿਕਾਸ ਕਾਰਜਾਂ ਨੂੰ ਉਚੱ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਫਿਜੀਕਲ ਵੈਰੀਫਿਕੇਸ਼ਨ ਵੀ ਕੀਤੀ ਗਈ। ਉਨਾਂ ਨੰਗਲ ਲੁਬਾਣਾ ਸਕੂਲ ਵਿਖੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਦਾ ਵੀ ਜਾਇਜ਼ਾ ਲਿਆ ਤੇ ਉਸ ਵਿੱਚ ਸੁਧਾਰ ਦੇ ਵੀ ਹੁਕਮ ਦਿੱਤੇ । ਉਨ੍ਹਾਂ ਵਲੋਂ ਥਾਪਰ ਮਾਡਲ ਛੱਪੜ, ਪਿੰਡਾਂ ਵਿੱਚ ਕੰਕਰੀਟ ਦੀਆਂ ਗਲੀਆਂ, ਵਾਟਰ ਸਪਲਾਈ ਅਤੇ ਸੀਵਰੇਜ ਦੇ ਕੰਮਾਂ , ਖੇਡ ਮੈਦਾਨਾਂ , ਪਾਰਕਾਂ , ਓਪਨ ਏਅਰ ਜਿੰਮਾਂ ਦਾ ਵੀ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀਆਈਡੀਬੀ), ਪੰਜਾਬ ਨਿਰਮਾਣ ਪ੍ਰੋਗਰਾਮ, ਸਮਾਰਟ ਵਿਲੇਜ਼ ਕੰਪੇਨ 1 ਅਤੇ 2 ਤਹਿਤ ਜਾਰੀ ਹੋਏ ਫੰਡਾਂ ਨਾਲ ਕੀਤੇ ਗਏ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਗਿਣਤੀ ਦੀ ਵੀ ਪੜਤਾਲ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਮੌਕੇ ’ਤੇ ਹੀ ਸੜਕਾਂ ਅਤੇ ਗਲੀਆਂ ਦੀ ਲੰਬਾੜੀ ਤੇ ਚੌੜਾਈ ਦਾ ਵੀ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਕਿ ਸੀ.ਐਸ.ਆਰ. (ਕਾਮਨ ਸਡਿਊਲ ਆਫ ਰੇਟਸ) ਤਹਿਤ ਵੱਖ-ਵੱਖ ਮਾਪਦੰਡਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪੜਤਾਲ ਹੋਵੇਗੀ । ਪੰਜਾਬ ਸਰਕਾਰ ਵਲੋਂ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵਲੋਂ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੇ ਮਿਆਰ ਦੀ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਵੀ ਪ੍ਰਧਾਨਗੀ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਨਾਵਾ ਐਸ.ਡੀ.ਐਮ. ਸੰਜੀਵ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।