- ਕੈਬਨਿਟ ਮੰਤਰੀ ਨੇ ਵਾਰਡ ਨੰਬਰ 24 ਦੇ ਦਸ਼ਮੇਸ਼ ਨਗਰ ’ਚ 35 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 20 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਲਕੇ ਦੀ ਨੁਹਾਰ ਸੰਵਾਰਨ ਲਈ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾ ਰਹੀ ਹੈ, ਜਿਸ ਦੇ ਮੁਕੰਮਲ ਹੋਣ ਉਪਰੰਤ ਵੱਖ-ਵੱਖ ਹਲਕਿਆਂ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਹ ਅੱਜ ਵਾਰਡ ਨੰ: 24 ਦੇ ਮੁਹੱਲਾ ਦਸ਼ਮੇਸ਼ ਨਗਰ ਵਿਚ 35 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਤਰੱਕੀ ਦੀ ਸੋਚ ’ਤੇ ਕੰਮ ਕਰਨ ਵਾਲੀ ਸਰਕਾਰ ਨੂੰ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਗਏ ਸਨ, ਜਿਸ ਵਿਚ 600 ਯੂਨਿਟ ਮੁਫ਼ਤ ਬਿਜਲੀ, 42 ਹਜ਼ਾਰ ਨੌਜਵਾਨਾਂ ਨੂੰ ਪੱਕੀ ਨੌਕਰੀ ਆਦਿ ਮੁੱਖ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਹੀ 35 ਤੋਂ ਵੱਧ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਏ ਜਾ ਰਹੇ ਹਨ, ਜਿਸ ਵਿਚੋਂ 11 ਟਿਊਬਵੈਲ ਤਾਂ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਯੋਜਨਾਬੱਧ ਢੰਗ ਨਾਲ ਨਿਰਮਾਣ ਕਾਰਜਾਂ ਨੂੰ ਸ਼ੁਰੂ ਕੀਤਾ ਜਾਵੇ ਅਤੇ ਇਨ੍ਹਾਂ ਕਾਰਜ਼ਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਸਾਹਮਣੇ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਦੌਰਾਨ ਵੀ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬ੍ਰਮ ਸ਼ੰਕਰ ਜਿੰਪਾ ਨੇ ਲੋਕਾਂ ਦੀ ਮੰਗ ਅਨੁਸਾਰ ਪਹਿਲ ਦੇ ਆਧਾਰ ’ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੋਂ ਤੱਕ ਗੁਣਵੱਤਾ ਦੀ ਗੱਲ ਹੈ, ਟੈਂਡਰ ਸਮੇਂ ਹੀ ਸਬੰਧਤ ਠੇਕੇਦਾਰ ਨੂੰ ਇਸ ਸਬੰਧੀ ਹਦਾਇਤ ਕਰ ਦਿੱਤੀ ਗਈ ਹੈ ਅਤੇ ਜੇਕਰ ਕੋਈ ਵੀ ਗੁਣਵੱਤਾ ਪੱਖੋਂ ਕੋਈ ਕਮੀ ਆਈ, ਤਾਂ ਸਬੰਧਤ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਸਤਵੰਤ ਸਿੰਘ ਸਿਆਣ, ਕੌਂਸਲਰ ਪਵਿੱਤਰ ਸਿੰਘ, ਬਾਬਾ ਬਲਵੀਰ ਸਿੰਘ ਜੀ, ਸੰਜੇ, ਐਕਸੀਅਨ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।