- ਕੈਬਨਿਟ ਮੰਤਰੀ ਨੇ ਨਗਰ ਨਿਗਮ ’ਚ ਪਿਛਲੀ ਸਰਕਾਰ ਦੌਰਾਨ ਹੋਰਡਿੰਗਜ਼ ਲਗਾਉਣ ਨੂੰ ਲੈ ਕੇ ਹੋਈ ਗੜਬੜੀ ਦੇ ਮਾਮਲੇ ’ਚ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 21 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਜ਼ੀਰੋ ਟਾਲਰੈਂਸ ਨੀਤੀ ਨਾਲ ਕੰਮ ਕਰ ਰਹੀ ਹੈ। ਇਸ ਲਈ ਹਰ ਭ੍ਰਿਸ਼ਟ ਵਿਅਕਤੀ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਭਾਵੇਂ ਉਹ ਕੋਈ ਰਾਜਸੀ ਵਿਅਕਤੀ ਹੋਵੇ ਜਾਂ ਵੱਡਾ ਅਧਿਕਾਰੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿਚ ਪਿਛਲੇ ਸਰਕਾਰ ਦੌਰਾਨ ਹੋਰਡਿੰਗਜ਼ ਲਗਾਉਣ ਨੂੰ ਲੈ ਕੇ ਹੋਈ ਗੜਬੜੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ, ਜਿਸ ਸਬੰਧ ਵਿਚ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਕਿ ਦੋਸ਼ੀ ਕੋਈ ਵੀ ਕਿਉਂ ਨਾ ਹੋਵੇ, ਉਸ ਦੇ ਖਿਲਾਫ਼ ਜਾਂਚ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੀ ਜਨਤਾ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਸੂਬੇ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਸ਼ਵਾਸ ਇਸ ਲਈ ਜਤਾਇਆ ਹੈ ਕਿਉਂਕਿ ਸਾਡੀ ਸਰਕਾਰ ਕੱਟੜ ਇਮਾਨਦਾਰ ਸਰਕਾਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਜਾਂ ਕਿਸੇ ਵੀ ਵਿਭਾਗ ਵਿਚ ਕੋਈ ਭ੍ਰਿਸ਼ਟਾਚਾਰ ਦਾ ਮਾਮਲਾ ਕਿਸੇ ਦੇ ਧਿਆਨ ਵਿਚ ਆਉਂਦਾ ਹੈ, ਤਾਂ ਬਿਨਾਂ ਕਿਸੇ ਸੰਕੋਚ ਤੋਂ ਉਨ੍ਹਾਂ ਨਾਲ ਸੰਪਰਕ ਕਰੇ ਜਾਂ ਲਿਖਤ ਸ਼ਿਕਾਇਤ ਦੇਵੇ, ਤਾਂ ਜੋ ਭ੍ਰਿਸ਼ਟਾਚਾਰੀ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਭ੍ਰਿਸ਼ਟਾਚਾਰੀ ਚਾਹੇ ਕੋਈ ਵੀ ਹੋਵੇ, ਉਸ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।