- ਕੈਬਨਿਟ ਮੰਤਰੀ ਨੇ ਮੁਹੱਲਾ ਕੀਰਤੀ ਨਗਰ ਵਿਚ 18.50 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ
ਹੁਸ਼ਿਆਰਪੁਰ, 26 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 20 ਦੇ ਮੁਹੱਲਾ ਕੀਰਤੀ ਨਗਰ ਵਿਚ 18.50 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਪਿਛਲੇ 15 ਸਾਲਾਂ ਤੋਂ ਸੀਵਰੇਜ ਦੇ ਕੰਮ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਪੰਜਾਬ ਵਿਚ ਵਿਕਾਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਆਮ ਆਦਮੀ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਸੀਵਰੇਜ ਪਾਈਪ ਲਾਈਨ ਵਿਛਾਉਣ ਤੋਂ ਬਾਅਦ ਸੜਕ ਬਣਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਕੌਂਸਲਰ ਜਸਵੰਤ ਰਾਏ, ਕੌਂਸਲਰ ਮੁਖੀ ਰਾਮ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।