ਹੁਸ਼ਿਆਰਪੁਰ, 18 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹਨ ਅਤੇ ਇਹ ਉਦੋਂ ਹੀ ਸੰਭਵ ਹੈ ਜਦੋਂ ਪਿੰਡਾਂ ਦਾ ਸਹੀ ਅਰਥਾਂ ਵਿੱਚ ਵਿਕਾਸ ਹੋਵੇਗਾ। ਉਹ ਪਿੰਡ ਨੰਗਲ ਸ਼ਹੀਦਾਂ ਵਿੱਚ 19 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਕਤ ਵਿਕਾਸ ਰਾਸ਼ੀ ’ਚੋਂ 5 ਲੱਖ ਰੁਪਏ ਕਮਿਊਨਿਟੀ ਸੈਂਟਰ ਲਈ, 7 ਲੱਖ ਰੁਪਏ ਪਾਣੀ ਅਤੇ ਸੀਵਰੇਜ ਲਈ ਅਤੇ 7 ਲੱਖ ਰੁਪਏ ਪਿੰਡ ਦੇ ਹੋਰ ਵਿਕਾਸ ਕਾਰਜਾਂ ’ਤੇ ਖਰਚ ਕੀਤੇ ਜਾਣਗੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਔਰਤਾਂ ਅਤੇ ਨੌਜਵਾਨ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਪਿੰਡ ਦੀਆਂ ਔਰਤਾਂ ਅਤੇ ਨੌਜਵਾਨਾਂ ਨੂੰ ਪਿੰਡ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਮੰਗ ਅਨੁਸਾਰ ਔਰਤਾਂ ਦੇ ਸਸ਼ਕਤੀਕਰਨ ਲਈ ਪਿੰਡਾਂ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਤੋਂ ਇਲਾਵਾ ਨੌਜਵਾਨਾਂ ਲਈ ਖੇਡ ਸਟੇਡੀਅਮ ਅਤੇ ਜਿੰਮ ਦਾ ਪ੍ਰਬੰਧ ਕਰ ਰਹੀ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਵਿਰਸੇ ਦੀ ਸੰਭਾਲ ਕਰਨ ਅਤੇ ਖੇਡਾਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹ ਦਿਖਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੰਬਰਦਾਰ ਗੁਰਮੇਲ ਸਿੰਘ, ਬਾਬਾ ਭੁਪਿੰਦਰ ਸਿੰਘ, ਰਾਜੇਸ਼ ਕੁਮਾਰ ਤੋਂ ਇਲਾਵਾ ਸਮੂਹ ਪੰਚਾਇਤ ਅਤੇ ਹੋਰ ਪਤਵੰਤੇ ਹਾਜ਼ਰ ਸਨ।