- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ
- ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿਚ ਹੁੰਮ-ਹੁੰਮਾ ਕੇ ਸ਼ਾਮਲ ਹੋਣ ਦਾ ਦਿੱਤਾ ਸੱਦਾ
ਹੁਸ਼ਿਆਰਪੁਰ, 30 ਜਨਵਰੀ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ‘ਮਿੰਨੀ ਗੋਆ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਹੋਰਨਾਂ ਅਧਿਕਾਰੀਆਂ ਨਾਲ ਇਸ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿੰਨੀ ਗੋਆ ਵਿਖੇ ਹੋਣ ਵਾਲੀ ਇਸ ਐੱਨ.ਆਰ.ਆਈ ਮਿਲਣੀ ਦੇ ਪ੍ਰਬੰਧ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਕੰਢੇ ’ਤੇ ਰਮਣੀਕ ਮਾਹੌਲ ਵਿਚ ਹੋਣ ਵਾਲੀ ਇਸ ਮਿਲਣੀ ਵਿਚ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਐੱਨ.ਆਰ.ਆਈ ਮਿਲਣੀ ਵਿਚ ਜਿਥੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ ਉਥੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਦੇ ਕੁਦਰਤੀ ਸੁਹੱਪਣ ਦੇ ਦਰਸ਼ਨ ਵੀ ਕਰਵਾਏ ਜਾਣਗੇ। ਕੈਬਨਿਟ ਮੰਤਰੀ ਧਾਲੀਵਾਲ ਨੇ ਸੂਬੇ ਦੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪਹੁੰਚ ਕੇ ਪ੍ਰਵਾਸੀ ਭਾਰਤੀ ਮਿਲਣੀ ਵਿਚ ਹੁੰਮ-ਹੁੰਮਾ ਕੇ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪ੍ਰਵਾਸੀ ਭਾਰਤੀਆਂ ਦੀ ਸੇਵਾ ਵਿਚ ਹਾਜ਼ਰ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ. ਐਸ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਐਸ. ਪੀ ਨਵਨੀਤ ਕੌਰ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।