- ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਤਹਿਸੀਲ ’ਚ ਲੰਬਿਤ ਇੰਤਕਾਲ ਦਰਜ ਕਰਵਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ
- ਕੰਮ ਕਰਵਾਉਣ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਜਲਦ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
- ਕਿਹਾ, ਤਹਿਸੀਲ ’ਚ ਕੰਮ ਕਰਵਾਉਣ ਆਏ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ
ਹੁਸ਼ਿਆਰਪੁਰ, 6 ਜਨਵਰੀ : ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਅੱਜ ਮਾਲ ਵਿਭਾਗ ਵਲੋਂ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ ਕਰਨ ਦੀ ਪਹਿਲ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਆਮ ਲੋਕਾਂ ਨੂੰ ਬਹੁਤ ਲਾਭ ਪਹੁੰਚ ਰਿਹਾ ਹੈ। ਉਹ ਅੱਜ ਸਵੇਰੇ ਹੁਸ਼ਿਆਰਪੁਰ ਤਹਿਸੀਲ ਵਿਚ ਲਗਾਏ ਗਏ ਵਿਸ਼ੇਸ ਕੈਂਪ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਜਲਦ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਨੇ ਹੁਸ਼ਿਆਰਪੁਰ ਤਹਿਸੀਲ ਦਾ ਅਚਨਚੇਤ ਦੌਰਾ ਕੀਤਾ ਸੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ। ਮੁੱਖ ਮੰਤਰੀ ਵਲੋਂ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਤਹਿਸੀਲਾਂ ਵਿਚ ਲੋਕਾਂ ਨੂੰ ਕੰਮ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ ਅਤੇ ਨਾ ਹੀ ਰਜਿਸਟਰੀ ਕਰਨ ਦੇ ਬਾਅਦ ਇੰਤਕਾਲ ਕਰਵਾਉਣ ਵਿਚ। ਇਸੇ ਕੜੀ ਵਿਚ ਅੱਜ ਪੂਰੇ ਸੂਬੇ ਵਿਚ ਲੰਬਿਤ ਪਏ ਇੰਤਕਾਲ ਦਰਜ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਹਨ ਅਤੇ ਮਾਲ ਵਿਭਾਗ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਵਿਚ ਪਾਰਦਰਸ਼ਤਾ ਲਿਆਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਦੇ ਕੰਮ ’ਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ, ਜਿਸ ਨਾਲ ਇਹ ਕੰਮ ਸਮੇਂਬੱਧ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ, ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਇਸ ਬਾਬਤ ਹੈਲਪਲਾਈਨ ਨੰਬਰ 81849 00002 ਜਾਰੀ ਕੀਤਾ ਹੋਇਆ ਹੈ, ਜਿਸ ’ਤੇ ਲਿਖਤ ਸ਼ਿਕਾਇਤ ਵਟਸਅਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀ ਲਿਖਤ ਸ਼ਿਕਾਇਤ 9464100168 ਨੰਬਰ ’ਤੇ ਭੇਜ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਤਹਿਸੀਲ ਪ੍ਰੀਸ਼ਦ ਵਿਚ ਬਣੇ ਪਬਲਿਕ ਹੈਲਪ ਸੈਂਟਰ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿਚ ਸਪੈਸ਼ਲ ਕੈਂਪ ਲਗਾਏ ਗਏ ਹਨ ਅਤੇ ਜਿਥੇ ਲੋਕਾਂ ਦੇ ਪੈਂਡਿੰਗ ਇੰਤਕਾਲ ਨੂੰ ਕਲੀਅਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਰੀਬ 4500 ਦੇ ਕਰੀਬ ਇੰਤਕਾਲ ਪੈਂਡਿੰਗ ਹਨ, ਜਿਨ੍ਹਾਂ ਦਾ ਅੱਜ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਵਿਚ ਸੀ.ਆਰ.ਓ, ਕਾਨੂੰਨਗੋ ਅਤੇ ਪਟਵਾਰੀ ਤਹਿਸੀਲਾਂ ਵਿਚ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਲੋਕਾਂ ਦੀਆਂ ਸਮੱਸਿਆਵਾਂ ਨਿਪਟਾਉਣ ਲਈ ਹਮੇਸ਼ਾ ਇਸ ਤਰ੍ਹਾਂ ਦੇ ਕੈਂਪ ਜਾਰੀ ਰਹਿਣਗੇ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਵਿਚ ਕੋਈ ਕਮੀ ਨਾ ਛੱਡੀ ਜਾਵੇ। ਇਸ ਮੌਕੇ ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਬ-ਰਜਿਸਟਰਾਰ ਹਰਕਰਮ ਸਿੰਘ ਰੰਧਾਵਾ, ਤਹਿਸੀਲਦਾਰ ਗੁਰਸੇਵਕ ਚੰਦ, ਐਕਸੀਅਨ ਲੋਕ ਨਿਰਮਾਣ ਵਿਭਾਗ ਰਾਜੀਵ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।