ਗੁਰਦਾਸਪੁਰ, 30 ਅਪ੍ਰੈਲ : ਸੁਰਜੀਤ ਸਪੋਰਟਸ ਐਸੋਸੀਏਸ਼ਨ (ਰਜ਼ਿ) ਬਟਾਲਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਕੋਟਲਾ ਸ਼ਾਹੀਆਂ ਵਿਖੇ ਸਿੱਖ ਪੰਥ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਜੀ ਦੀ ਸ਼ਹਾਦਤ ਨੂੰ ਸਮਰਪਿਤ ‘ਸੂਰਮਗਤੀ ਦਿਵਸ’ ਮਨਾਇਆ ਗਿਆ। ਸੂਰਮਗਤੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਦੇ ਜਥੇ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ।ਅਤੇ ਸਿੱਖ ਧਰਮ ਦੇ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਜਰਨੈਲ ਹਰੀ ਸਿੰਘ ਨਲੂਆ ਦੇ ਜੀਵਨ, ਕੁਰਬਾਨੀ ਅਤੇ ਸੂਰਮਗਤੀ ਪਰੰਪਰਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸੂਰਮਗਤੀ ਦਿਵਸ ਮੌਕੇ ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵਿਸ਼ੇਸ਼ ਤੌਰ ’ਤੇ ਇਸ ਧਾਰਮਿਕ ਸਮਾਗਮ ਵਿਖੇ ਨਤਮਸਤਕ ਹੋਏ। ਸਿੱਖ ਦੇ ਪੰਥ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼ਹੀਦ ਕੌਮ ਦਾ ਬੇਸ਼ਕੀਮਤੀ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਰੱਖਣਾ ਅਤੇ ਸੂਰਮਗਤੀ ਦਿਵਸ ਮਨਾਉਣੇ ਸਾਡਾ ਸਾਰਿਆਂ ਦਾ ਇਖਲਾਕੀ ਫਰਜ ਹੈ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲੂਆ ਵਰਗੇ ਯੋਧਿਆਂ ਦੇ ਬਹਾਦਰੀ ਭਰੇ ਕਰਨਾਮਿਆਂ ਨੇ ਇਤਿਹਾਸ ਬਦਲ ਕੇ ਰੱਖ ਦਿੱਤਾ ਅਤੇ ਸਾਨੂੰ ਆਪਣੇ ਯੋਧਿਆਂ ਦੀ ਬਹਾਦਰੀ ਤੇ ਕੁਰਬਾਨੀ ’ਤੇ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਸਪੋਰਟਸ ਐਸੋਸੀਏਸ਼ਨ (ਰਜ਼ਿ) ਬਟਾਲਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵੱਲੋਂ ਜੋ ਸੂਰਮਗਤੀ ਦਿਵਸ ਮਨਾਇਆ ਗਿਆ ਹੈ ਇਸ ਲਈ ਇਹ ਵਧਾਈ ਦੇ ਹੱਕਦਾਰ ਹਨ ਕਿਉਂਕਿ ਅਜਿਹੇ ਯਤਨਾਂ ਸਦਕਾ ਹੀ ਅਸੀਂ ਆਪਣੇ ਗੌਰਵਮਈ ਇਤਿਹਾਸ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਿੱਚ ਸਹਾਈ ਹੋਵਾਂਗੇ। ਇਸ ਮੌਕੇ ਸੰਗਤਾਂ ਦਾ ਧੰਨਵਾਦ ਕਰਦਿਆਂ ਸੁਰਜੀਤ ਸਪੋਰਟਸ ਅਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਪਿੰਡ ਕੋਟਲਾ ਸ਼ਾਹੀਆਂ ਵਿਖੇ ਪਿਛਲੇ 10 ਸਾਲਾਂ ਤੋਂ ਹਰ ਸਾਲ 30 ਅਪ੍ਰੈਲ ਨੂੰ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ ਸੂਰਮਗਤੀ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਰਮਗਤੀ ਦਿਵਸ ਮਨਾਉਣ ਦਾ ਇੱਕ ਮਕਸਦ ਜਿਥੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਤਿਕਾਰ ਭੇਟ ਕਰਨਾ ਹੈ ਓਥੇ ਨਾਲ ਹੀ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਤੋਂ ਜਾਣੂ ਕਰਵਾਉਣਾ ਵੀ ਹੈ। ਉਨ੍ਹਾਂ ਨੂੰ ਨੌਜਵਾਨਾਂ ਨੂੰ ਇਤਿਹਾਸ ਨਾਲ ਜੁੜਨ ਦੀ ਅਪੀਲ ਵੀ ਕੀਤੀ।