- ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ 200 ਖਿਡਾਰੀਆਂ ਨੂੰ ਕੀਤੀ ਟਰੈਕ ਸੂਟਾਂ ਦੀ ਵੰਡ
- ਸੈਂਚੁਰੀ ਪਲਾਈਵੁੱਡ ਦੇ ਸਹਿਯੋਗ ਨਾਲ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਹੁਸ਼ਿਆਰਪੁਰ, 8 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਸੈਂਚੁਰੀ ਪਲਾਈਵੁੱਡ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 200 ਖਿਡਾਰੀਆਂ ਨੂੰ ਟਰੈਕ ਸੂਟਾਂ ਵੰਡੇ ਗਏ। ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਚ ਆਯੋਜਿਤ ਸ਼ਾਨਦਾਰ ਸਮਾਗਮ ਵਿਚ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੂੰ ਸਕੱਤਰ ਜ਼ਿਲ੍ਹਾ ਰੈਡ ਕਸਾਸ ਸੋਸਾਇਟੀ ਮੰਗੇਸ਼ ਸੂਦ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸੈਂਚੁਰੀ ਪਲਾਈਵੁੱਡ ਦੇ ਪਲਾਂਟ ਹੈੱਡ ਬਲਵਿੰਦਰ ਸੱਭਰਵਾਲ ਅਤੇ ਐਚ.ਆਰ ਹੈੱਡ ਭੁਪਿੰਦਰ ਸਿੰਘ ਜਸਵਾਲ ਵਲੋਂ ਟਰੈਕ ਸੂਟ ਵੰਡੇ ਗਏ। ਇਸ ਤੋਂ ਪਹਿਲਾਂ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਸਟੇਡੀਅਮ ਵਿਚ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੌਰਾਨ ਸਾਰਿਆਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਮੰਗੇਸ਼ ਸੂਦ ਨੇ ਕਿਹਾ ਕਿ ਰੈਡ ਕਰਾਸ ਸੋਸਾਇਟੀ ਵਲੋਂ ਦਾਨੀ ਸੱਜਣਾ ਦੇ ਸਹਿਯੋਗ ਨਾਲ ਲਗਾਤਾਰ ਸਮਾਜਿਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿਚ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਲਈ ਟਰੈਕ ਸੂਟ ਵੰਡੇ ਗਏ, ਜਿਸ ਵਿਚ ਸੈਂਚੁਰੀ ਪਲਾਈਵੁੱਡ ਵਲੋਂ ਟਰੈਕ ਸੂਟ ਮੁਹੱਈਆ ਕਰਵਾਏ ਗਏ ਹਨ। ਸੈਂਚੁਰੀ ਪਲਾਈਵੁੱਡ ਦੇ ਪਲਾਂਟ ਹੈਡ ਬਲਵਿੰਦਰ ਸਿੰਘ ਸੱਭਰਵਾਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਬਹੁਤ ਹੀ ਸ਼ਲਾਘਾਯੋਗ ਪਹਿਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇੰਡਸਟਰੀ ਵਲੋਂ ਆਪਣੀ ਸਮਾਜਿਕ ਜ਼ਿੰਮੇਵਾਰੀਆਂ ਤਹਿਤ ਭਵਿੱਖ ਵਿਚ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਮੇਸ਼ਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।