- ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਦੌਲਤਪੁਰ ‘ਚ ਲਗਾਇਆ ਗਿਆ ਸ਼ਿਕਾਇਤ ਨਿਵਾਰਣ ਕੈਂਪ
ਨਵਾਂਸ਼ਹਿਰ, 5 ਨਵੰਬਰ 2024 : ਪੰਜਾਬ ਸਰਕਾਰ ਦੇ 'ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਬ- ਡਵੀਜ਼ਨ ਨਵਾਂਸ਼ਹਿਰ ਦੇ ਪਿੰਡ ਦੌਲਤਪੁਰ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ, ਜਿਸ ਵਿੱਚ ਪਿੰਡ ਦੌਲਤਪੁਰ ਤੋਂ ਇਲਾਵਾ ਲਾਗਲੇ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਜਿਥੇ ਕੈਂਪ ਦਾ ਜਾਇਜ਼ਾ ਲਿਆ, ਉਥੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਸ ਮੌਕੇ ਕਿਹਾ ਕਿ ਇਹ ਸ਼ਿਕਾਇਤ ਨਿਵਾਰਣ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੂਰੇ ਸੂਬੇ ਵਿਚ ਲੱਗ ਰਹੇ ਹਨ, ਜਿਸ ਦੇ ਤਹਿਤ ਪ੍ਰਸ਼ਾਸਨਿਕ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕੈਂਪ ਵਿਚ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਧਿਆਨਪੂਰਵਕ ਸੁਣੀਆਂ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਪਾਰਦਰਸ਼ੀ ਅਤੇ ਪਹੁੰਚਯੋਗ ਬਣਾਉਣਾ ਹੈ, ਤਾਂ ਜੋ ਆਮ ਜਨਤਾ ਨੂੰ ਆਪਣੇ ਅਧਿਕਾਰਾਂ ਅਤੇ ਸੇਵਾਵਾਂ ਦਾ ਲਾਭ ਅਸਾਨੀ ਨਾਲ ਮਿਲ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਕੈਂਪਾਂ ਨਾਲ ਪ੍ਰਸ਼ਾਸਨ ਅਤੇ ਜਨਤਾ ਵਿਚਾਲੇ ਸੰਚਾਰ ਦਾ ਪੁਲ ਹੋਰ ਮਜ਼ਬੂਤ ਹੁੰਦਾ ਹੈ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਸੰਭਵ ਹੁੰਦਾ ਹੈ। ਉਨ੍ਹਾਂ ਕਿਹਾ ਕਿ 'ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲਗਾਤਾਰ ਅਜਿਹੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਤਾਂ ਜੋ ਹਰੇਕ ਨਾਗਰਿਕ ਨੁੰ ਸਰਕਾਰ ਦੀਆਂ ਯੋਜਨਾਵਾਂ ਅਤੇ ਸੇਵਾਵਾਂ ਦਾ ਪੂਰਾ ਲਾਭ ਮਿਲ ਸਕੇ। ਕੈਂਪ ਦੌਰਾਨ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦੇ ਉਚਿਤ ਪ੍ਰਬੰਧਨ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਨੇ ਆਪਣੇ-ਆਪਣੇ ਸਟਾਲ ਲਗਾਏ, ਜਿਨ੍ਹਾਂ ਵੱਲੋਂ ਮਹੱਤਵਪੂਰਨ ਸੇਵਾਵਾਂ ਨਾਲ ਸਬੰਧਤ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਗਈ। ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਸਟਾਲਾਂ ‘ਤੇ ਜਾ ਕੇ ਆਪਣੀ ਸਮੱਸਿਆ ਰੱਖੀ। ਸਬੰਧਤ ਅਧਿਕਾਰੀਆਂ ਨੇ ਮੌਕੇ ‘ਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਯਤਨ ਕੀਤਾ ਅਤੇ ਲੰਬਿਤ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦਾ ਭਰੋਸਾ ਦਿੱਤਾ। ਲ਼ੋਕਾਂ ਵੱਲੋਂ ਪ੍ਰਸ਼ਾਸਨ ਦੇ ਇਸ ਯਤਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਨਾ ਕੇਵਲ ਉਨ੍ਹਾਂ ਦੀਆ ਸਮੱਸਿਆਵਾਂ ਦੂਰ ਹੋ ਰਹੀਆਂ ਹਨ, ਬਲਕਿ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਵੀ ਮਿਲ ਰਹੀ ਹੈ। ਇਸ ਮੌਕੇ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਬੀ.ਡੀ.ਪੀ.ਓ ਰਾਜਵਿੰਦਰ ਕੌਰ, ਸਰਪੰਚ ਦੌਲਤਪੁਰ ਹਰਮਨਦੀਪ ਸਿੰਘ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।