- ਅਰਬਨ ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਰਸਮੀ ਉਦਘਾਟਨ
ਬਲਾਚੌਰ, 2 ਮਾਰਚ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਸ਼ੋਕ ਕਟਾਰੀਆ ਤੇ ਐੱਸ ਡੀ ਐੱਮ, ਬਲਾਚੌਰ ਰਵਿੰਦਰ ਬਾਂਸਲ ਨੇ ਅੱਜ ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਸਾਂਝੇ ਤੌਰ 'ਤੇ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਬਲਾਚੌਰ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ’ ਆਮ ਲੋਕਾਂ ਲਈ ਬਹੁਤ ਫਾਇਦੇਮੰਦ ਸਾਬਿਤ ਹੋਣਗੇ, ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਹੁਣ ਕੋਈ ਵੀ ਮਰੀਜ਼ ਦਵਾਈ ਤੋਂ ਵਾਂਝਾ ਨਹੀਂ ਰਹੇਗਾ। ਇਥੋਂ ਤੱਕ ਕਿ ਆਮ ਆਦਮੀ ਕਲੀਨਿਕਾਂ ਵਿੱਚ ਪਰਚੀ ਦੇ ਵੀ ਕੋਈ ਰੁਪਏ ਨਹੀਂ ਲੱਗਣਗੇ। ਉਨ੍ਹਾਂ ਨੇ ਦੱਸਿਆ ਕਿ ਇਹ ਕਲੀਨਿਕ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਡਿਜੀਟਾਈਜ਼ੇਸ਼ਨ ਨਾਲ ਆਈ.ਟੀ. ਤੋਂ ਸਮਰੱਥ ਹਨ। ਇਸ ਦੇ ਨਤੀਜੇ ਵਜੋਂ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਤੋਂ ਲੈ ਕੇ ਇਲਾਜ ਲੈਣ ਤੱਕ ਦਾ ਸਮਾਂ ਕਾਫੀ ਘੱਟ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਖੁੱਲਣ ਨਾਲ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ। ਇਸ ਮੌਕੇ ਕਾਰਜਕਾਰੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸਰਬਰਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਕੁਲਵਿੰਦਰ ਮਾਨ ਸਮੇਤ ਹੋਰ ਅਧਿਕਾਰੀ ਮੌਜੂਦ ਸਨ।