ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਤੇਜ਼ੀ ਨਾਲ ਜਾਰੀ : ਰਾਜੇਸ਼ ਧੀਮਾਨ 

  • ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਲਿਫਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ 

ਨਵਾਂਸ਼ਹਿਰ, 23 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿਚੋਂ ਝੋਨੇ ਦੇ ਇਕ-ਇਕ ਦਾਣੇ ਦੀ ਖ਼ਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਐਸ.ਐਸ.ਪੀ ਡਾ. ਮਹਿਤਾਬ ਸਿੰਘ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਅਚਨਚੇਤ ਦੌਰਾ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਤੇਜ਼ੀ ਨਾਲ ਜਾਰੀ ਹੈ ਅਤੇ ਅੱਜ ਇਕ ਦਿਨ ਵਿਚ ਹੀ 10 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦਾ ਘੱਟੋ ਘੱਟ ਸਮਰਥਨ ਮੁੱਲ ਮਿਲਣਾ ਯਕੀਨੀ ਬਣਾਉਣ, ਐਮ.ਐਸ.ਪੀ ਤੋਂ ਘੱਟ ਖ਼ਰੀਦ ਕਿਸੇ ਕੀਮਤ ਤੇ ਨਾ ਹੋਣ ਦੇਣ, ਕਿਸਾਨਾਂ ਵੱਲੋਂ ਲਿਆਂਦੇ ਜਾਣ ਵਾਲੇ ਸੁੱਕੇ ਝੋਨੇ ਦੀ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਨਾਲੋ ਨਾਲ ਖ਼ਰੀਦ ਕਰਨ ਅਤੇ ਸ਼ੈਲਰਾਂ ਵਿਚ ਲਿਜਾਏ ਜਾ ਰਹੇ ਮਾਲ ਦੇ ਸੁਖਾਵੇਂ ਪ੍ਰਬੰਧਾਂ ਦਾ  ਨਿਰੀਖਣ ਕਰਨ ਲਈ ਉਨ੍ਹਾਂ ਵੱਲੋਂ ਇਹ ਦੌਰਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਹੀ ਅਨਾਜ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਉਹ ਨਿਰੰਤਰ ਇਸ ਸਬੰਧੀ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ 17 ਫੀਸਦੀ ਤੋਂ ਘੱਟ ਨਮੀ ਵਾਲੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਇਕ ਵਾਰ ਫਿਰ ਦੁਹਰਾਉਂਦਿਆਂ ਕਿਹਾ ਕਿ ਅਨਾਜ ਮੰਡੀਆਂ ਵਿਚ ਕਿਸਾਨ ਸਿਰਫ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਸੁੱਕੀ ਜੀਰੀ ਦੀ ਨਾਲੋ-ਨਾਲ ਖ਼ਰੀਦ ਹੋ ਸਕੇ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜਿਲੇ ਦੀਆਂ ਮੰਡੀਆਂ ਵਿੱਚ 123078 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿੱਚੋਂ 122098 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 240.87 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਰਦੇ ਹੋਏ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉੱਤੇ ਵਿਸ਼ੇਸ਼ ਚੌਕਸੀ ਟੀਮਾਂ ਕਾਰਜਸ਼ੀਲ ਹਨ ਜੋ ਕਿ ਸਬੰਧਤ ਸਬ ਡਵੀਜ਼ਨ ਦੇ ਐਸ.ਡੀ.ਐਮ ਅਤੇ ਡੀ.ਐਸ.ਪੀ ਦੀ ਅਗਵਾਈ ਹੇਠ ਹਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੀਆਂ ਹਨ।  ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਨਾਲੋਂ ਇਸ ਸਾਲ ਦੀਆਂ ਕਿਸਾਨ ਵੀਰਾਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਕਿਸਾਨਾਂ ਵਿਚ ਪਰਾਲੀ ਦੇ ਪ੍ਰਬੰਧਨ ਦਾ ਰੁਝਾਨ ਵਧਿਆ ਹੈ ਜੋ ਕਿ ਵਾਤਾਵਰਨ ਨੂੰ ਸੰਭਾਲਣ ਦੀ ਮੁਹਿਮ ਵਿਚ ਆਉਂਦੇ ਸਮੇਂ ਹੋਰ ਵੀ ਸਾਰਥਕ ਨਤੀਜੇ ਸਾਹਮਣੇ ਲਿਆਵੇਗਾ।