ਹੁਸ਼ਿਆਰਪੁਰ, 15 ਫਰਵਰੀ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ) ਦੇ ਖੇਤਰੀ ਕੇਂਦਰ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੁਸ਼ਿਆਰਪੁਰ ਦੇ ਕਰਮਚਾਰੀਆਂ ਲਈ ਸੂਚਨਾ ਦਾ ਅਧਿਕਾਰ ਐਕਟ-2005 ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਮੈਗਸੀਪਾ ਖੇਤਰੀ ਕੇਂਦਰ ਜਲੰਧਰ ਦੇ ਪ੍ਰਾਜੈਕਟ ਡਾਇਰੈਕਟਰ ਪਿਰਥੀ ਸਿੰਘ (ਸੇਵਾਮੁਕਤ ਪੀ. ਸੀ. ਐਸ ਅਧਿਕਾਰੀ) ਦੀ ਅਗਵਾਈ ਹੇਠ ਕਰਵਾਈ ਇਸ ਸਿਖਲਾਈ ਵਰਕਸ਼ਾਪ ਵਿਚ ਹੁਸ਼ਿਆਰਪੁਰ ਦੇ ਸਮੂਹ ਵਿਭਾਗਾਂ ਦੇ ਸੂਚਨਾ ਅਧਿਕਾਰ ਐਕਟ ਦੇ ਕੇਸਾਂ ਨੂੰ ਡੀਲ ਕਰਨ ਵਾਲੇ 50 ਦੇ ਕਰੀਬ ਕਰਮਚਾਰੀਆਂ ਨੂੰ ਰਿਸੋਰਸ ਪਰਸਨ ਸੁਰਜੀਤ ਸਿੰਘ ਸੈਣੀ ਵੱਲੋਂ ਐਕਟ ਸਬੰਧੀ ਵਿਸਥਾਰ ਪੂਰਵਕ ਸਿਖਲਾਈ ਦੇਣ ਤੋਂ ਇਲਾਵਾ ਉਨ੍ਹਾਂ ਦੇ ਐਕਟ ਸਬੰਧੀ ਸਵਾਲਾਂ ਦੇ ਜਵਾਬ ਦਿੰਦਿਆਂ ਸ਼ੰਕਿਆਂ ਦਾ ਨਿਵਾਰਣ ਵੀ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਜਿਓਤੀ ਬਾਲਾ ਮੱਟੂ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਸੂਚਨਾ ਦਾ ਅਧਿਕਾਰ ਕਾਨੂੰਨ ਬਾਰੇ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਬਿਨਾਂ ਕਿਸੇ ਕਠਿਨਾਈ ਅਤੇ ਦੇਰੀ ਦੇ ਨਿਸ਼ਚਿਤ ਸਮੇਂ ਅੰਦਰ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾ ਸਕਣ। ਉਨ੍ਹਾਂ ਕਿਹਾ ਕਿ ਸੂਚਨਾ ਦਾ ਅਧਿਕਾਰ ਕਾਨੂੰਨ ਲਾਗੂ ਹੋਣ ਨਾਲ ਜਿਥੇ ਸਰਕਾਰੀ ਕੰਮ ਵਿਚ ਪਾਰਦਰਸ਼ਤਾ ਵਧੀ ਹੈ, ਉਥੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਵਿਚ ਵੀ ਵਾਧਾ ਹੋਇਆ ਹੈ। ਉਨਾਂ ਹਾਜ਼ਰ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਉਨ੍ਹਾਂ ਲਈ ਬੇਹੱਦ ਲਾਹੇਵੰਦ ਸਿੱਧ ਹੋਣਗੇ ਅਤੇ ਇਸ ਸਿਖਲਾਈ ਉਪਰੰਤ ਆਰ. ਟੀ. ਆਈ ਦੇ ਕੇਸਾਂ ਨਾਲ ਨਜਿੱਠਣ ਵਿਚ ਕਿਸੇ ਕਿਸਮ ਦੀ ਕਠਿਨਾਈ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਵਰਕਸ਼ਾਪ ਸਰਕਾਰੀ ਕੰਮਕਾਜ਼ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗੀ ਅਤੇ ਇਸ ਨਾਲ ਇਸ ਐਕਟ ਪ੍ਰਤੀ ਡਰ ਵੀ ਦੂਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਵਿਚ ਨਵੇਂ ਭਰਤੀ ਹੋਏ ਕਰਮਚਾਰੀਆਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ ਹੈ, ਜਿਨ੍ਹਾਂ ਨੂੰ ਇਹ ਵਰਕਸ਼ਾਪ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗੀ।ਇਸ ਮੌਕੇ ਪ੍ਰਾਜੈਕਟ ਡਾਇਰੈਕਟਰ ਪਿਰਥੀ ਸਿੰਘ ਨੇ ਦੱਸਿਆ ਕਿ ’ਮੈਗਸੀਪਾ’ ਵੱਲੋਂ ਅਜਿਹੇ ਸਿਖਲਾਈ ਪ੍ਰੋਗਰਾਮ ਲਗਾਤਾਰ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਨ੍ਹਾਂ ਰਾਹੀਂ ਐਕਟ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਿਥੇ ਜਾਗਰੂਕ ਕੀਤਾ ਜਾਂਦਾ ਹੈ, ਉਥੇ ਐਕਟ ਵਿਚ ਹੋਈਆਂ ਨਵੀਆਂ ਸੋਧਾਂ ਬਾਰੇ ਵੀ ਸਿਖਲਾਈ ਦਿੱਤੀ ਜਾਂਦੀ ਹੈ। ਵਰਕਸ਼ਾਪ ਉਪਰੰਤ ਸਿਖਲਾਈ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਅਤੇ ਐਕਟ ਦੀਆਂ ਕਾਪੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਸੁਪਰਡੈਂਟ ਨਿਰਮਲ ਸਿੰਘ ਕੰਗ, ਬਲਕਾਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।a