ਜਲੰਧਰ, 26 ਮਈ : ਸਤਿਗੁਰੂ ਕਬੀਰ ਜੀ ਦੇ 4 ਜੂਨ ਨੂੰ ਮਨਾਏ ਜਾ ਰਹੇ ਪ੍ਰਗਟ ਦਿਵਸ ਅਤੇ 3 ਜੂਨ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਲੋਕ ਸਭਾ ਮੈਂਬਰ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸਮਾਗਮਾਂ ਨੂੰ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਦਿਆਂ ਵਿਸਥਾਰਪੂਰਵਕ ਹਦਾਇਤਾਂ ਦਿੱਤੀਆਂ। ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਇੰਤਜ਼ਾਮਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੀਆਂ ਹਦਾਇਤਾਂ ਦਿੰਦਿਆਂ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਦੀ ਸੁਵਿਧਾ ਲਈ ਰੂਟ ਪਲਾਨ ਵੀ ਤਿਆਰ ਕਰਨ ਲਈ ਕਿਹਾ ਤਾਂ ਜੋ ਸੜਕਾਂ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਕਿਹਾ ਕਿ ਦੋਵੇਂ ਦਿਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਸ਼ੋਭਾ ਯਾਤਰਾ ਵਾਲੇ ਰੂਟ ’ਤੇ ਜੇਕਰ ਕਿਤੇ ਕੋਈ ਬਿਜਲੀ ਦੀਆਂ ਤਾਰਾਂ ਲਟਕ ਰਹੀਆਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਥਾਵਾਂ ’ਤੇ ਐਂਬੂਲੈਂਸਾਂ ਦੀ ਵਿਵਸਥਾ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਅਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਤੋਂ ਇਲਾਵਾ ਸਾਫ-ਸਫਾਈ, ਚੌਕਾ ਦੇ ਸੁੰਦਰੀਕਰਨ, ਪੀਣ ਵਾਲੇ ਪਾਣੀ, ਆਰਜੀ ਪਖਾਨੇ, ਪਾਰਕਿੰਗ, ਫਾਇਰ ਬ੍ਰਿਗੇਡ ਸਮੇਤ ਸਮੁੱਚੇ ਲੋੜੀਂਦੇ ਬੰਦੋਬਸਤ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮਾਂ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ, ਜਿਸ ਸਬੰਧੀ ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸ਼ੋਭਾ ਯਾਤਰਾ ਵਿੱਚ ਲੰਗਰ ਲਗਾਉਣ ਦੌਰਾਨ ਸਫਾਈ ਵਿਵਸਥਾ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ। ਮੀਟਿੰਗ ਵਿੱਚ ਪ੍ਰਗਟ ਦਿਵਸ ਸਮਾਗਮਾਂ ਨਾਲ ਸਬੰਧਤ ਵੱਖ-ਵੱਖ ਮੰਦਰ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਬੁਲਾਇਆ ਗਿਆ ਸੀ, ਜਿਨ੍ਹਾਂ ਵੱਲੋਂ ਪਿਛਲੇ ਸਾਲਾਂ ਦੌਰਾਨ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਗਈ। ਉਨ੍ਹਾਂ ਵੱਲੋਂ ਇਸ ਮੌਕੇ ਆਪਣੇ ਸੁਝਾਅ ਵੀ ਦਿੱਤੇ ਗਏ, ਜਿਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਸ਼ੋਭਾ ਯਾਤਰਾ ਸਤਿਗੁਰੂ ਕਬੀਰ ਜੀ ਮੰਦਰ ਭਾਰਗਵ ਨਗਰ ਤੋਂ ਸ਼ੁਰੂ ਹੋ ਕੇ ਨਾਰੀ ਨਿਕੇਤਨ, ਭਗਵਾਨ ਵਾਲਮੀਕਿ ਚੌਕ, ਬਸਤੀ ਅੱਡਾ ਚੌਕ, ਫੁੱਟਬਾਲ ਚੌਕ, ਵੀਰ ਬਬਰੀਕ ਚੌਕ, ਬਸਤੀ ਸ਼ੇਖ ਅੱਡਾ, ਮਾਡਲ ਹਾਊਸ ਹੁੰਦੀ ਹੋਈ ਮੁੜ ਸਤਿਗੁਰੂ ਕਬੀਰ ਜੀ ਮੰਦਰ ਭਾਰਗਵ ਨਗਰ ਵਿਖੇ ਪੁੱਜੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਆਫ ਪੁਲਿਸ ਜਗਮੋਹਨ ਸਿੰਘ ਨੇ ਸੁਚੱਜੀ ਪਾਰਕਿੰਗ, ਵਿਆਪਕ ਸੁਰੱਖਿਆ ਪ੍ਰਬੰਧ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਲਈ ਸ਼ੋਭਾ ਯਾਤਰਾ ਦੇ ਰੂਟ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ’ਚ ਲੋੜੀਂਦੇ ਪੁਲਿਸ ਅਧਿਕਾਰੀ/ਕਰਮਚਾਰੀਆਂ ਤਾਇਨਾਤ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਐਸ.ਡੀ.ਐਮ. ਵਿਕਾਸ ਹੀਰਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਆਗੂ ਮੋਹਿੰਦਰ ਭਗਤ ਆਦਿ ਵੀ ਮੌਜੂਦ ਸਨ।